- ਸਰਕਾਰੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀ ਅਹਿਮ ਵਸੀਲਾ-ਲਖਵੀਰ ਸਿੰਘ ਰਾਏ
ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦੀ ਸਭਾ ਦੇ ਪਹਿਲੇ ਦਿਨ ਵਿਧਾਇਕ ਐਡਵੋਕੇਟ ਸ. ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ ਆਪਣੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਅਤੇ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ। ਉਪਰੰਤ ਵੱਖ-ਵੱਖ ਸਟਾਲਾਂ 'ਤੇ ਜਾ ਕੇ ਲਗਾਈਆਂ ਪ੍ਰਦਰਸ਼ਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗਾਂ ਦੇ ਕੰਮਕਾਜ਼ ਦੀ ਸ਼ਲਾਘਾ ਕੀਤੀ। ਐਡਵੋਕੇਟ ਸ. ਲਖਵੀਰ ਸਿੰਘ ਰਾਏ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਮੁਆਇਨਾ ਉਪਰੰਤ ਕਿਹਾ ਕਿ ਲੱਖਾਂ ਸ਼ਰਧਾਲੂ ਦੇਸ਼ ਤੇ ਵਿਦੇਸ਼ਾਂ ਵਿੱਚੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਆਉਂਦੇ ਹਨ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈ ਗਈ ਇਹ ਪ੍ਰਦਰਸ਼ਨੀ ਸੰਗਤ ਨੂੰ ਸਰਕਾਰੀ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦਾ ਸ਼ਲਾਘਾਯੋਗ ਵਸੀਲਾ ਹੈ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਸਾਰੀਆਂ ਕੰਪਨੀਆਂ, ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਆਪਣੇ ਉਤਪਾਦ ਵੀ ਲਿਆਂਦੇ ਗਏ ਹਨ, ਜੋ ਕਿ ਲੋਕਾਂ ਲਈ ਲਾਹੇਵੰਦ ਸਾਬਤ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਸਭਾ ਮੌਕੇ ਸੰਗਤਾਂ ਦਾ ਵੱਡਾ ਇਤਿਹਾਸਕ ਇਕੱਠ ਹੁੰਦਾ ਹੈ ਅਤੇ ਇਸ ਮੌਕੇ ਆਯੋਜਿਤ ਵਿਸ਼ਾਲ ਪ੍ਰਦਰਸ਼ਨੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਅਹਿਮ ਸਾਬਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਸਮੇਤ ਉਨਤ ਖੇਤੀ ਲਈ ਈਜਾਦ ਹੋਈਆਂ ਨਵੀਂਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਬਾਰੇ ਇੱਥੇ ਪੁੱਜਣ ਵਾਲਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਇਸ ਪ੍ਰਦਰਸ਼ਨੀ ਦੌਰਾਨ ਖੇਤੀਬਾੜੀ, ਮੱਛੀ ਪਾਲਣ, ਬਾਗਬਾਨੀ, ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਣ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ, ਪੇਡਾ, ਜੰਗਲਾਤ, ਸਹਿਕਾਰਤਾ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਇਸ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਮੌਕੇ ਆਪਣੇ ਸਟਾਲ ਲਗਾਏ ਅਤੇ ਆਮ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਵੱਡੀ ਗਿਣਤੀ ਸੰਗਤ ਨੇ ਇਸ ਪ੍ਰਦਰਸ਼ਨੀ ਵਿੱਚ ਪੁੱਜਕੇ ਇਸਦਾ ਲਾਭ ਉਠਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਘਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਰਵਿੰਦ ਕੁਮਾਰ, ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਪ੍ਰੋਮਿਲਾ ਸ਼ਰਮਾ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।