ਲੁਧਿਆਣਾ, 12 ਮਾਰਚ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈਲ ਲਗਾਉਣ ਲਈ ਲਗਭਗ 1.13 ਕਰੋੜ ਰੁਪਏ ਦੇ ਚਾਰ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਪਰਾਸ਼ਰ ਨੇ ਪੁਰਾਣੀ ਸਬਜ਼ੀ ਮੰਡੀ ਨੇੜੇ ਕਿਲਾ ਮੁਹੱਲਾ ਅਤੇ ਕੋਹਲੂ ਵਾਲੀ ਗਲੀ ਵਿੱਚ ਪਾਣੀ ਦੀ ਸਪਲਾਈ ਦੀਆਂ ਨਵੀਆਂ ਲਾਈਨਾਂ ਪਾਉਣ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਹ ਪ੍ਰਾਜੈਕਟ ਕਰੀਬ 96 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਇਕ ਨੇ ਜੀ.ਟੀ.ਰੋਡ 'ਤੇ ਪੁਰਾਣੀ ਫਾਇਰ ਬ੍ਰਿਗੇਡ ਇਮਾਰਤ ਦੇ ਬਾਹਰ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ ਕੀਤਾ ਅਤੇ ਸ਼ਿਵਾਜੀ ਨਗਰ ਦੀ ਗਲੀ ਨੰਬਰ 12 'ਚ ਦੂਜੇ ਟਿਊਬਵੈੱਲ ਨੂੰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਦੋਵਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ ਕਰੀਬ 17 ਲੱਖ ਰੁਪਏ ਹੈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਪ੍ਰਾਜੈਕਟਾਂ ਦਾ ਉਦਘਾਟਨ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਹਨਾਂ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ ਅਤੇ ਸੋਮਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 2.84 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਗਈ ਸੀ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਉਦਘਾਟਨੀ ਸਮਾਰੋਹ ਦੌਰਾਨ ਐਸ.ਡੀ.ਓ ਬਲਜਿੰਦਰ ਸਿੰਘ, ਮਨਜੀਤ ਸਿੰਘ ਹਰਮਨ, ਸੋਮਨਾਥ ਸੂਦ, ਇੰਦਰਜੀਤ ਸਿੰਘ ਟਿਵਾਣਾ, ਤਰੁਣਜੀਤ ਸਿੰਘ ਪ੍ਰਿੰਸ, ਗਗਨਦੀਪ ਸਿੰਘ ਜੌਨੀ, ਜਸਬੀਰ ਸਿੰਘ ਚੱਢਾ, ਕਸ਼ਿਸ਼ ਚੱਢਾ, ਇਕਬਾਲ ਸਿੰਘ ਆਦਿ ਵੀ ਹਾਜ਼ਰ ਸਨ।