ਲੁਧਿਆਣਾ, 28 ਫਰਵਰੀ : ਲੁਧਿਆਣਾ ਕੇਂਦਰੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਗਿੱਲ ਰੋਡ ਤੋਂ ਪ੍ਰਤਾਪ ਚੌਂਕ ਨੂੰ ਜਾਣ ਵਾਲੀ ਓਵਰਲਾਕ ਰੋਡ ਦੇ ਪੁਨਰ ਨਿਰਮਾਣ ਦਾ ਪ੍ਰੋਜੈਕਟ ਅਤੇ ਗਿੱਲ ਰੋਡ 'ਤੇ ਲੋਹਾ ਬਾਜ਼ਾਰ ਵਿੱਚ ਸਰਵਿਸ ਲੇਨ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਪ੍ਰੋਜੈਕਟ ਸ਼ਾਮਲ ਹੈ। ਇਹ ਪ੍ਰੋਜੈਕਟ ਕ੍ਰਮਵਾਰ 1.23 ਕਰੋੜ ਅਤੇ 77.29 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਵਿਧਾਇਕ ਪਰਾਸ਼ਰ ਨੇ ਬੁੱਧਵਾਰ ਨੂੰ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦੀ ਮੌਜੂਦਗੀ ਵਿੱਚ ਇਹਨਾਂ ਪ੍ਰੋਜੈਕਟ ਦਾ ਉਦਘਾਟਨ ਕੀਤਾ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮਾਂ ਦੀ ਗੁਣਵੱਤਾ 'ਤੇ ਨਜ਼ਰ ਰੱਖਣ ਅਤੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਸੜਕ ਨਿਰਮਾਣ ਪ੍ਰਾਜੈਕਟਾਂ ਤੋਂ ਇਲਾਵਾ ਪਾਰਕਾਂ ਦੇ ਮੁੜ ਵਿਕਾਸ ਅਤੇ ਟਿਊਬਵੈੱਲ ਲਗਾ ਕੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਵੀ ਕਈ ਪ੍ਰਾਜੈਕਟ ਕਰਵਾਏ ਜਾ ਰਹੇ ਹਨ। ਯੋਜਨਾਬੰਦੀ ਦੇ ਪੜਾਅ 'ਤੇ ਵਸਨੀਕਾਂ ਤੋਂ ਫੀਡਬੈਕ ਲਈ ਜਾਂਦੀ ਹੈ, ਤਾਂ ਜੋ ਇਲਾਕਾ ਨਿਵਾਸੀਆਂ ਦੀਆਂ ਲੋੜਾਂ ਅਨੁਸਾਰ ਪ੍ਰੋਜੈਕਟਾਂ ਨੂੰ ਕਰਵਾਇਆ ਜਾ ਸਕੇ।