ਲੁਧਿਆਣਾ, 21 ਫਰਵਰੀ : ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਗਿੱਲ ਰੋਡ (ਵਾਰਡ ਨੰਬਰ 74) 'ਤੇ ਸਥਿਤ ਇੰਡਸਟਰੀਅਲ ਏਰੀਆ-ਬੀ ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ 12.22 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਇਹ ਮੁੱਦਾ ਉਠਾਇਆ ਸੀ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਇਲਾਕੇ ਵਿੱਚ ਟਿਊਬਵੈੱਲ ਲਗਾਉਣ ਦਾ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।