- ਵਾਰਡ ਨੰਬਰ 49 'ਚ ਸੜਕ ਦੇ ਨਿਰਮਾਣ ਕਾਰਜਾਂ ਦਾ ਵੀ ਕੀਤਾ ਉਦਘਾਟਨ
ਲੁਧਿਆਣਾ, 21 ਫਰਵਰੀ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 50 ਅਧੀਨ ਦੁੱਗਰੀ ਵਿਖੇ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਬਾਅਦ ਵਿੱਚ, ਉਨਾਂ ਵਾਰਡ ਨੰਬਰ 49 ਅਧੀਨ ਦੁੱਗਰੀ ਫੇਜ਼-2 ਵਿਖੇ ਡਰੰਮ ਚੌਕ ਤੋਂ ਕਰਨ ਚੌਂਕ ਤੱਕ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 63 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਸੜਕ ਪਿਛਲੇ ਲੰਮੇਂ ਸਮੇਂ ਤੋਂ ਆਤਮ ਨਗਰ ਹਲਕੇ ਦੇ ਪੈਂਡਿੰਗ ਕੰਮਾਂ ਦੇ ਵਿੱਚ ਪਈ ਸੀ ਜਿਸ ਨੂੰ ਹੁਣ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਆਵਾਜਾਈ ਸੁਖਾਵੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਾਡੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।