ਬਠਿੰਡਾ 31 ਮਾਰਚ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦਾ ਮਾਮਲਾ ਕਾਂਗਰਸ ਪਾਰਟੀ ਵੱਲੋਂ ਉਠਾਉਂਦਿਆਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਾਂਗਰਸ ਦੀ ਮੋਦੀ ਸਰਕਾਰ ਵਿਰੋਧੀ ਧਿਰਾਂ ਦੀ ਆਵਾਜ਼ ਆ ਰਹੀ ਹੈ ਜਦੋਂ ਕਿ ਉਸ ਨੂੰ ਸਭ ਤੋਂ ਪਹਿਲਾਂ ਦੇਸ਼ ਦੀ ਲੁੱਟ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਵਿਜੈਇੰਦਰ ਸਿੰਗਲਾ ਨੇ ਬਠਿੰਡਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਦੀ ਮੌਜੂਦਗੀ ਵਿੱਚ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਸੀ ਕਿ ਉਹ ਉਨ੍ਹਾਂ ਧਨਾਢ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕਰਦੀ ਜੋ ਦੇਸ਼ ਦਾ ਆਰਥਿਕ ਨੁਕਸਾਨ ਕਰ ਕੇ ਫਰਾਰ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵਿਰੋਧੀ ਧਿਰਾਂ ਦੀ ਅਵਾਜ਼ ਬੰਦ ਕਰ ਰਹੀ ਹੈ ਜਿਸ ਦਾ ਕਾਰਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਕਾਰੋਬਾਰੀ ਅੰਬਾਨੀ-ਅਦਾਨੀ ਵੱਲੋਂ ਕੀਤੀ ਘਪਲੇਬਾਜ਼ੀ ਸਬੰਧੀ ਆਵਾਜ਼ ਉਠਾਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਅਮਰੀਕਾ-ਜਰਮਨ ਸਮੇਤ ਹੋਰਨਾਂ ਦੇਸ਼ਾਂ ਨੇ ਵੀ ਨਿੰਦਾ ਕੀਤੀ ਹੈ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਮਹੀਨੇ ਦਾ ਪਲਾਨ ਤਿਆਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਹੁਲ ਗਾਂਧੀ ਵੱਲੋਂ ਦੇਸ਼ ਵਿਚ ਕੱਢੀ ਗਈ ਪਦ ਯਾਤਰਾ ਨੂੰ ਲੋਕਾਂ ਦੇ ਮਿਲੇ ਭਰਪੂਰ ਸਹਿਯੋਗ ਤੋਂ ਬੁਖ਼ਲਾਹਟ ਵਿੱਚ ਆ ਕੇ ਕਾਂਗਰਸ ਨੂੰ ਖਤਮ ਕਰਨ ਦੀਆਂ ਸ਼ਾਜਿਸ਼ਾਂ ਕਰ ਰਹੀ ਹੈ ਜੋ ਮਨਸੂਬੇ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਚੱਲ ਰਹੀ ਕਾਰਵਾਈ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਸਲਾ ਜਲਦੀ ਹੱਲ ਕਰ ਲੈਣਾ ਚਾਹੀਦਾ ਹੈ, ਕਿਤੇ ਇਹ ਨਾ ਹੋਵੇ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਨਾ,ਕੇ ਕੇ ਅੱਗਰਵਾਲ, ਅਰੁਣ ਵਧਾਵਣ, ਅਸ਼ੋਕ ਕੁਮਾਰ, ਬਲਵੰਤ ਰਾਏ ਨਾਥ, ਬਲਰਾਜ ਪੱਕਾ, ਹਰਵਿੰਦਰ ਲੱਡੂ ਅਤੇ ਰੁਪਿੰਦਰ ਬਿੰਦ੍ਰਾ ਜਨਰਲ ਸਕੱਤਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।