ਲੁਧਿਆਣਾ, 8 ਅਪ੍ਰੈਲ : ਵਿਸ਼ਵ ਸਿਹਤ ਦਿਵਸ ਮੌਕੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸਥਾਨਕ ਸਿਵਲ ਹਸਪਤਾਲ ਨੂੰ ਮੈਂਬਰ ਆਫ਼ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਏ.ਡੀ.ਐਸ.) ਸਕੀਮ ਤਹਿਤ ਵੱਖ-ਵੱਖ ਮੈਡੀਕਲ ਉਪਕਰਨਾਂ ਦੀ ਖਰੀਦ ਲਈ 10 ਲੱਖ ਰੁਪਏ ਦਾਨ ਕੀਤੇ। ਹੋਰ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਸਪਤਾਲ ਵਿੱਚ ਸਾਜ਼ੋ-ਸਾਮਾਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਵਸਤਾਂ ਦੀ ਮੁਕੰਮਲ ਤਜਵੀਜ਼ ਭੇਜਣ ਲਈ ਕਿਹਾ ਤਾਂ ਜੋ ਇਸ ਲਈ ਫੰਡ ਜਾਰੀ ਕੀਤੇ ਜਾ ਸਕਣ। ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਹਤ ਖੇਤਰ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਇੱਕ ਕ੍ਰਾਂਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੱਖਾਂ ਲੋਕਾਂ ਨੇ ਮੁਫ਼ਤ ਇਲਾਜ ਅਤੇ ਜਾਂਚ ਦਾ ਲਾਭ ਲਿਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਦਾਰ ਯੋਗਦਾਨ ਸਰਕਾਰੀ ਸਿਹਤ ਕੇਂਦਰ ਵਿਖੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਅਰੋੜਾ ਨੇ ਆਸ ਪ੍ਰਗਟਾਈ ਕਿ ਸਿਵਲ ਹਸਪਤਾਲ, ਲੁਧਿਆਣਾ ਵਿੱਚ ਇੱਕ ਵਾਰ ਉਪਕਰਨ (ਫਿਜ਼ੀਓਥੈਰੇਪੀ) ਅਤੇ ਹੋਰ ਸਾਜ਼ੋ-ਸਾਮਾਨ ਦੀ ਖਰੀਦ ਅਤੇ ਸਥਾਪਿਤ ਹੋਣ ਤੋਂ ਬਾਅਦ, ਇਹ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਕਿ ਸਥਾਨਕ ਸਿਵਲ ਹਸਪਤਾਲ ਵਿੱਚ ਇਸ ਉਪਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਕਰਨ ਮਰੀਜ਼ਾਂ ਦੇ ਇਲਾਜ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਰੋੜਾ ਨੇ ਅੱਜ ਵਿਸ਼ਵ ਸਿਹਤ ਦਿਵਸ ਮੌਕੇ ਲੁਧਿਆਣਾ ਵਾਸੀਆਂ ਵਿੱਚ ਵਿਸ਼ਵ ਸਿਹਤ ਜਾਗਰੂਕਤਾ ਪੈਦਾ ਕਰਨ ਲਈ ਇੱਕ ਵੀਡੀਓ ਰਿਕਾਰਡ ਕੀਤਾ ਸੰਦੇਸ਼ ਵੀ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿਵਸ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਸੰਗਠਨ ਦੇ ਨਾਲ-ਨਾਲ ਹੋਰ ਸਬੰਧਤ ਸੰਸਥਾਵਾਂ ਦੀ ਸਰਪ੍ਰਸਤੀ ਹੇਠ ਮਨਾਇਆ ਜਾਂਦਾ ਹੈ। ਉਨ੍ਹਾਂ ਆਪਣੇ ਰਿਕਾਰਡ ਕੀਤੇ ਸੰਦੇਸ਼ ਵਿੱਚ ਸਿਹਤ ਦੀ ਮਹੱਤਤਾ ਬਾਰੇ ਦੱਸਿਆ।