- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ
ਫਾਜ਼ਿਲਕਾ, 1 ਜਨਵਰੀ : ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਪੀ.ਸੀ.ਐਸ ਨੇ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਹਾਜਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2024 ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਬਖਸ਼ੇ। ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਨਵੇਂ ਸਾਲ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਦਫਤਰੀ ਸਟਾਫ ਵੱਲੋਂ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਦਫਤਰਾਂ ਵਿਖੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤਾਂ ਜੋ ਲੋਕ ਖੁਸ਼ੀ-ਖੁਸ਼ੀ ਆਪਣਾ ਦਫਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ. ਬਲਕਰਨ ਸਿੰਘ, ਜ਼ਿਲ੍ਹਾ ਮਾਲ ਅਫਸਰ ਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।