- 72 ਏਕੜ 'ਤੇ ਕਾਬਜ਼ 30 ਵਿਅਕਤੀਆਂ ਨੇ ਆਪਸੀ ਸਹਿਮਤੀ ਨਾਲ ਜ਼ਮੀਨ ਪੰਚਾਇਤ ਦੇ ਸਪੁਰਦ ਕੀਤੀ : ਡੀ.ਡੀ.ਪੀ.ਓ.
ਪਟਿਆਲਾ, 5 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਛੱਡਣ ਲਈ ਕਬਜ਼ਧਾਰਕਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਹੁਣ ਲੋਕਾਂ ਵੱਲੋਂ ਆਪਣੇ ਆਪ ਹੀ ਜ਼ਮੀਨਾਂ ਪੰਚਾਇਤ ਦੇ ਸਪੁਰਦ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬਲਾਕ ਸਨੌਰ ਦੀ ਗ੍ਰਾਮ ਪੰਚਾਇਤ ਬਲਬੇੜਾ ਦੀ ਤਕਰੀਬਨ 72 ਏਕੜ ਜ਼ਮੀਨ ਜਿਸ 'ਤੇ 30 ਵਿਅਕਤੀ ਕਾਬਜ਼ ਸਨ, ਨੇ ਆਪਸੀ ਸਹਿਮਤੀ ਨਾਲ ਜ਼ਮੀਨ ਪੰਚਾਇਤ ਦੇ ਸਪੁਰਦ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੀ ਗ੍ਰਾਮ ਪੰਚਾਇਤ ਬਲਬੇੜਾ ਦੀ ਪੰਚਾਇਤੀ ਜ਼ਮੀਨ ਕੁਲ ਰਕਬਾ ਕਰੀਬ 72 ਏਕੜ ਜੋ ਨਜਾਇਜ਼ ਕਬਜ਼ੇ ਹੇਠ ਸੀ, ਉਸ ਨੂੰ ਕਬਜ਼ਾਧਾਰਕਾਂ ਵੱਲੋਂ ਆਪਸੀ ਸਹਿਮਤੀ ਨਾਲ ਪੰਚਾਇਤ ਦੇ ਸਪੁਰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਪਟਿਆਲਾ ਜ਼ਿਲ੍ਹੇ ਅੰਦਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿੰਡ ਬਲਬੇੜਾ ਵਿਖੇ ਕਬਜ਼ਾਧਾਰਕਾਂ ਵੱਲੋਂ ਆਪ ਮੁਹਾਰੇ ਹੀ ਨਜਾਇਜ ਕਬਜ਼ਾ ਛੱਡਿਆ ਗਿਆ ਹੈ, ਇਸੇ ਤਰ੍ਹਾਂ ਹੋਰ ਪਿੰਡਾਂ 'ਚ ਨਜਾਇਜ਼ ਕਬਜ਼ਾਧਾਰਕ ਅੱਗੇ ਆਕੇ ਜ਼ਮੀਨਾਂ ਛੱਡਣ ਤਾਂ ਜੋ ਬਿਨ੍ਹਾਂ ਕਿਸੇ ਸਖਤ ਕਾਰਵਾਈ ਦੇ ਕਬਜ਼ੇ ਦੀ ਕਾਰਵਾਈ ਕੀਤੀ ਜਾ ਸਕੇ। ਅਮਨਦੀਪ ਕੌਰ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਦੀ ਰਹਿਨੁਮਾਈ ਹੇਠ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆ ਰਿਹਾ ਹੈ। ਇਸ ਮੌਕੇ ਬੀ.ਡੀ.ਪੀ.ਓ. ਸਨੌਰ ਮਹਿੰਦਰਜੀਤ ਸਿੰਘ ਸਮੇਤ ਪਿੰਡ ਦੇ ਪਤਵੰਤੇ ਮੌਜੂਦ ਸਨ।