- ਪੰਜਾਬ ਦੀ ਆਬੋ- ਹਵਾ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਦੀ ਲੋੜ- ਡਿਪਟੀ ਕਮਿਸ਼ਨਰ
- ਮੌਕੇ ਤੇ ਮਿਲੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋ ਕਰਨ ਲਈ ਕੀਤਾ ਪ੍ਰੇਰਿਤ
ਮਾਲੇਰਕੋਟਲਾ 08 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਅਮਲੀ ਰੂਪ ਦਿੰਦੇ ਹੋਏ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਕੀਤਾ ਜਾ ਸਕੇ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਗੁਆਰਾ, ਧੀਰੋਮਾਜਰਾ, ਮੰਨਵੀ ਅਤੇ ਭੁੱਮਸੀ ਵਿਖੇ ਖੇਤਾਂ ਦਾ ਸਾਂਝਾ ਦੌਰਾ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਰਾਸ਼ਟਰੀ ਰਾਜਧਾਨੀ ਖੇਤਰ ਅਤੇ ਨਾਲ ਲੱਗਦੇ ਖੇਤਰ) ਦੇ ਸਖ਼ਤ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਵਾਰ ਪਰਾਲੀ ਸਾੜਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਵਰਤੀ ਜਾ ਰਹੀ ਹੈ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੌਕੇ ਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਅਜੇ ਤੱਕ ਵਾਢੀ ਸ਼ੁਰੂ ਨਹੀਂ ਕੀਤੀ ਹੈ, ਉਹ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਪ੍ਰਬੰਧਨ ਕਰਨ। ਪਰਾਲੀ ਨੂੰ ਅੱਗ ਲਗਾਉਣ ਦੀ ਦੁਰਵਰਤੋਂ ਨੂੰ ਰੋਕਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਾਡੀ ਸਮੂਹਿਕ ਅਤੇ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਕਾਰਨ ਆਪਣੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਈਏ, ਜੋ ਕਿ ਸਾਡੀ ਸਿਹਤ ਲਈ ਸਾਰਥਕ ਹੋਵੇਗਾ ਅਤੇ ਬਨਸਪਤੀ ਅਤੇ ਜੀਵ-ਜੰਤੂਆਂ ਨੂੰ ਅੱਗ ਦੀਆਂ ਲਪਟਾਂ ਤੋਂ ਸੁਰੱਖਿਅਤ ਰੱਖੇਗਾ। ਉਨ੍ਹਾਂ ਕਿਸਾਨਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਪਰਾਲੀ ਨੂੰ ਸਾੜਨ ਦੇ ਵਿਕਲਪ ਵਜੋਂ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਖੇਤਰ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਦਾ ਮਸ਼ੀਨਰੀ ਦਾ ਪ੍ਰਬੰਧ ਕਰ ਕੇ ਕਿਸਾਨਾਂ ਦੀ ਮਦਦ ਕਰਨ। ਇਸ ਮੌਕੇ ਐਸ.ਡੀ.ਓ ਪੰਜਾਬ ਪ੍ਰਦੂਸਨ ਬੋਰਡ ਇੰਜ ਸਿਮਰਪ੍ਰੀਤ ਸਿੰਘ ਅਤੇ ਖੇਤੀਬਾੜੀ ਅਫ਼ਸਰ ਡਾ ਕੁਲਵੀਰ ਸਿੰਘ ਹਾਜਰ ਸਨ।