- ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਵਿਕਾਸ ਕਾਰਜ਼ਾਂ ਅਤੇ ਪ੍ਰਗਤੀ ਦਾ ਲਿਆ ਜਾਇਜ਼ਾ
ਮਾਨਸਾ, 11 ਮਈ : ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਵੇ, ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਢੰਗ ਨਾਲ ਭੇਜਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਿਹਤ ਵਿਭਾਗ ਦੇੇ ਅਧਿਕਾਰੀਆਂ ਤੋਂ ਸਿਵਲ ਹਸਪਤਾਲ ਅਤੇ ਸਮੂਹ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਅੰਦਰ ਕੋਵਿਡ ਕੇਸਾਂ ਦੀ ਸਥਿਤੀ ਅਤੇ ਨਸ਼ਾ ਛੁਡਾਊ ਕੇਂਦਰਾਂ ’ਚ ਆਉਣ ਵਾਲੇ ਵਿਅਕਤੀਆਂ ਦਾ ਸਮੁੱਚਾ ਰਿਕਾਰਡ ਮੁਕੰਮਲ ਰੱਖਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਜ਼ਿਲ੍ਹੇ ਅੰਦਰ ਗਰਭਵਤੀ ਔਰਤਾਂ ਦੀ ਆਰ.ਸੀ.ਐਚ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵਿਵੇਕੀ ਗਰਾਂਟਾਂ ਅਤੇ ਐਮ.ਪੀ. ਲੈਂਡ ਤਹਿਤ ਚੱਲ ਰਹੇ ਕੰਮਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣ ਰਹੇ ਘਰਾਂ ਅਤੇ ਲਾਭਪਾਤਰੀਆਂ ਦੀਆ ਪੈਂਡਿੰਗ ਤੇ ਅਪਰੂਵਡ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਪਾਸੋਂ ਸਰਕਾਰੀ ਦਫ਼ਤਰਾਂ ਵਿਚ ਲੱਗ ਰਹੇ ਪ੍ਰੀ ਪੇਡ ਮੀਟਰਾਂ ਦੀ ਸਥਿਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਲਈ। ਉਨ੍ਹਾਂ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾ ਕੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰਆਂ ਨੂੰ ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਘਰ ਘਰ ਰੋਜ਼ਗਾਰ ਮਿਸ਼ਨ ਪੰਜਾਬ, ਖੇਤੀਬਾੜੀ ਵਿਭਾਗ, ਸਕੂਲ ਸਿੱਖਿਆ ਦੇ ਕੰਮਾਂ ਦੀ ਪ੍ਰਗਤੀ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ, ਸੇਫ ਸਕੂਲ ਵਾਹਨ ਪਾਲਿਸੀ ਆਦਿ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਸਮੂਹ ਕਾਰਜਸਾਧਕ ਅਫ਼ਸਰ, ਬੀ.ਡੀ.ਪੀ.ਓਜ਼ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।