ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਦੇ ਮਸਲਿਆਂ ਦੇ ਤਰਜੀਹੀ ਨਿਬੇੜੇ ਦੇ ਆਦੇਸ਼

  • ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਹੋਈ ਮੀਟਿੰਗ

ਬਰਨਾਲਾ, 5 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਦੇ ਮਸਲੇ ਹੱਲ ਕਰਨ ਲਈ ਚਲਾਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ। ਇਸ ’ਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ਨੁਮਾਇੰਦਿਆਂ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਧਿਆਨ ’ਚ ਲਿਆਂਦੀਆਂ ਗਈਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਨੇ ਪਿਛਲੀ ਮੀਟਿੰਗ ਵਿੱਚ ਸਾਹਮਣੇ ਆਏ ਮਸਲਿਆਂ ਜਿਵੇਂ ਕਿ ਜ਼ਮੀਨ ਦੀ ਨਿਸ਼ਾਨਦੇਹੀ, ਬੱਸ ਸਫ਼ਰ ਵਿੱਚ ਆਉਂਦੀਆਂ ਦਿੱਕਤਾਂ ਆਦਿ ਦਾ ਜਾਇਜ਼ਾ ਲਿਆ ਅਤੇ ਤੁਰੰਤ ਕਾਰਵਾਈ ਰਿਪੋਰਟ ਮੰਗੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।