ਬਰਨਾਲਾ, 25 ਫਰਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਵਾਯੀ.ਐਸ. ਕਾਲਜ ਹੰਡਿਆਇਆ ਵਿਖੇ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਦੀ ਹਦਾਇਤਾਂ ਅਨੁਸਾਰ ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਚੋਣ ਕਾਨੂੰਗੋ ਮਨਜੀਤ ਸਿੰਘ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ ਅਤੇ ਨੌਜਵਾਨਾਂ ਦੀ ਨਵੀਂ ਵੋਟ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਗਈ। ਇਸ ਮੌਕੇ ਚੋਣ ਕਾਨੂੰਗੋ ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਵੱਲੋਂ ਅਬ ਕੀ ਬਾਰ 70 ਪਾਰ ਉੱਤੇ ਕੰਮ ਕੀਤਾ ਜਾ ਰਿਹਾ ਹੈ ਭਾਵ ਵੋਟ ਪਾਉਣ ਦੀ ਦਰ ਘੱਟੋਂ ਘੱਟ 70 ਫੀਸਦੀ ਤੋਂ ਪਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਘਰਦਿਆਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਜਾਗਰੂਕ ਕਰਨ। ਇਸ ਮੌਕੇ ਵਾਯੀ.ਐਸ.ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਾਲ ਰਾਣਾ ਦੀ ਪ੍ਰਧਾਨਗੀ ਹੇਠ ਬੱਚਿਆਂ ਵੱਲੋਂ ਚੋਣਾਂ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਵਿਤਾ ਵੀ ਬੋਲੀ ਗਈ। ਬੱਚਿਆਂ ਵੱਲੋਂ ਵੋਟਰ ਜਾਗਰੂਕਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸਹਾਇਕ ਨੋਡਲ ਅਫ਼ਸਰ ਸਵੀਪ ਸ. ਬਰਜਿੰਦਰਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਚੋਣਾਂ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਓਹਨਾ ਨੂੰ ਕਿਹਾ ਕਿ ਉਹ ਆਪਣੇ ਮਾਤਾ ਪਿਤਾ ਅਤੇ ਹੋਰਾਂ ਨੂੰ ਵੀ ਇਮਾਨਦਾਰੀ ਨਾਲ ਬਿਨਾ ਕਿਸੇ ਲਾਲਚ ਦੇ ਆਪਣੇ ਵੋਟ ਦੇ ਹੱਕ ਨੂੰ ਇਸਤਮਾਲ ਕਰਨ ਲਈ ਪ੍ਰੇਰਿਤ ਕਰਨ। ਦਿਪੇਸ਼ ਕੁਮਾਰ ਵੱਲੋਂ ਬੱਚਿਆਂ ਨੂੰ ਚੋਣ ਕਮਿਸ਼ਨ ਅਤੇ ਭਾਰਤ ਦੇ ਸੰਵਿਧਾਨ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਲਗਭਗ 30 ਨੌਜਵਾਨਾਂ ਵੱਲੋਂ ਬਤੌਰ ਨਵੇਂ ਵੋਟਰ ਆਪਣੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ, ਅੰਤਰਜੀਤ ਸਿੰਘ, ਪ੍ਰਿਤਪਾਲ ਸਿੰਘ, ਮੈਡਮ ਗੁਰਵਿੰਦਰ ਕੌਰ, ਮੈਡਮ ਹਰਮਨ, ਸੁਖਬੀਰ ਸਿੰਘ, ਰੁਪਿੰਦਰਜੀਤ ਕੌਰ, ਨੈਸ਼ਨਲ ਯੂਥ ਵਲੰਟੀਅਰ ਨਵਰਾਜ ਸਿੰਘ, ਅੰਮ੍ਰਿਤ ਸਿੰਘ, ਰਘਵੀਰ ਸਿੰਘ, ਜਸਪ੍ਰੀਤ ਸਿੰਘ, ਆਦਿ ਹਾਜ਼ਿਰ ਸਨ।