ਜੋਧਪੁਰ, 23 ਫਰਵਰੀ : ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ, ਸਟੇਡੀਅਮ ਦੀ ਉਸਾਰੀ ਅਤੇ ਕਮਿਊਨਿਟੀ ਹਾਲ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜੋਧਪੁਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਿੰਡ ‘ਚ ਪੰਚਾਇਤ ਘਰ ਬਣਾਇਆ ਜਾ ਰਿਹਾ ਹੈ। 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੰਚਾਇਤ ਘਰ ਕਰੀਬ 256 ਗਜ਼ ਖੇਤਰ ‘ਚ ਬਣਾਈਆ ਜਾ ਰਿਹਾ ਹੈ। ਇਸ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰਕੇ 6 ਮਹੀਨਿਆਂ ‘ਚ ਨੇਪਰੇ ਚਾੜ੍ਹ ਦਿੱਤਾ ਜਾਵੇਗਾ। ਇਸ ਲਈ 20 ਲੱਖ ਰੁਪਏ ਨਰੇਗਾ ਦੇ ਫੰਡਾਂ ਚੋਂ ਅਤੇ ਬਾਕੀ ਦੇ 20 ਲੱਖ ਰੁਪਏ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਚੋਂ ਖ਼ਰਚੇ ਜਾਣਗੇ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ, ਓ. ਐੱਸ. ਡੀ. ਸ੍ਰੀ ਹਸਨਪ੍ਰੀਤ ਭਾਰਦਵਾਜ, ਸ ਹਰਿੰਦਰ ਸਿੰਘ ਧਾਲੀਵਾਲ ਅਤੇ ਪਿੰਡ ਦੇ ਮੋਹਤਬਰ ਲੋਕ ਹਾਜ਼ਰ ਸਨ।