ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ

  • ਪੰਜਾਬ ਨੂੰ ਬਰਬਾਦ ਕਰਨ ਲਈ ਚੱਲੀਆਂ ਜਾ ਰਹੀਆਂ ਨੇ ਲੂੰਬੜ ਚਾਲਾਂ-ਸਿਹਤ ਮੰਤਰੀ
  • ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼-ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਪਟਿਆਲਾ ਅਨਾਜ ਮੰਡੀ 'ਚ ਪੁੱਜੇ, ਆੜਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ
  • 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਕਰੇਗੀ ਰਾਖੀ'

ਪਟਿਆਲਾ, 26 ਅਕਤੂਬਰ 2024 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਕਿਸਾਨੀ ਦੇ ਸੰਕਟ ਦੇ ਹੱਲ ਲਈ ਪਹਿਲਕਦਮੀ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਿਸਾਨਾਂ, ਆੜਤੀਆਂ ਤੇ ਸੈਲਰ ਮਾਲਕਾਂ ਨਾਲ ਬੈਠਕ ਕਰਨ। ਸਿਹਤ ਮੰਤਰੀ ਨੇ ਪਟਿਆਲਾ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ 'ਚ ਝੋਨੇ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਬਰਬਾਦ ਕਰਨ ਲਈ ਲੂੰਬੜ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਇਸ ਮੌਕੇ ਕਿਸਾਨਾਂ, ਆੜਤੀਆਂ, ਸੈਲਰ ਮਾਲਕਾਂ ਤੇ ਮਜ਼ਦੂਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਕੇਂਦਰ ਦੀਆਂ ਚਾਲਾਂ ਦਾ ਡੱਟ ਕੇ ਮੁਕਾਬਲਾ ਕਰ ਰਹੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫ਼ਟਿੰਗ ਵਿੱਚ ਤੇਜੀ ਆਈ ਹੈ ਅਤੇ ਇਕੱਲੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੀ 40 ਫੀਸਦੀ ਤੋਂ ਵੱਧ ਚੁਕਾਈ ਹੋ ਚੁੱਕੀ ਹੈ। ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਅੰਦੋਲਣ ਦਾ ਬਦਲਾ ਲਿਆ ਜਾ ਰਿਹਾ ਹੈ ਅਤੇ ਅੰਬਾਨੀ ਤੇ ਅਡਾਨੀ ਵਰਗੇ ਵੱਡੇ ਉਦਯੋਗਿਕ ਘਰਾਣਿਆ ਨੂੰ ਬਚਾਉਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ ਲਈ ਗੁਜਰਾਤ, ਮਹਾਰਾਸ਼ਟਰ ਤੇ ਹੋਰ ਰਾਜਾਂ ਵਿੱਚੋਂ ਨਸ਼ਾ ਭੇਜਿਆ ਜਾ ਰਿਹਾ ਹੈ ਪਰੰਤੂ ਕੇਂਦਰੀ ਏਜੰਸੀਆਂ ਹੱਥ 'ਤੇ ਹੱਥ ਧਰਕੇ ਬੈਠੀਆਂ ਹੋਈਆਂ ਹਨ। ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਮੰਡੀ ਬੋਰਡ ਦੇ ਫੰਡ ਰੋਕਣ ਕਰਕੇ ਅਜਿਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਇਸਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਸਿਹਤ ਮੰਤਰੀ ਨੇ ਪਟਿਆਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਮਿੱਤਲ, ਅਸ਼ੋਕ ਕੁਮਾਰ ਮੋਢੀ, ਚਰਨਦਾਸ ਗੋਇਲ, ਖਰਦਮਨ ਰਾਏ ਗੁਪਤਾ, ਅਸ਼ੋਕ ਕੁਮਾਰ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਬਹਾਲ ਸਿੰਘ, ਦਰਬਾਰਾ ਸਿੰਘ ਜਾਹਲਾਂ, ਵਿਕਰਮਜੀਤ ਸਿੰਘ ਸੈਣੀ, ਤੀਰਥ ਬਾਂਸਲ, ਹਰਦੇਵ ਸਿੰਘ ਸਰਪੰਚ, ਰਕੇਸ਼ ਭਾਨਰਾ ਅਤੇ ਹੋਰ ਨੁਮਾਇੰਦਿਆਂ ਨਾਲ ਬੈਠਕ ਵੀ ਕੀਤੀ। ਇਸ ਮੌਕੇ ਐਸ.ਡੀ.ਐਮ. ਮਨਜੀਤ ਕੌਰ, ਡੀ.ਐਫ.ਐਸ.ਸੀ. ਰੂਪਪ੍ਰੀਤ ਕੌਰ, ਸਕੱਤਰ ਮਾਰਕੀਟ ਕਮੇਟੀ ਪ੍ਰਭਲੀਨ ਸਿੰਘ ਚੀਮਾ, ਰੁਪਿੰਦਰ ਸਿੰਘ ਟਿਵਾਣਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।