ਮੋਹਾਲੀ, 19 ਫਰਵਰੀ : ਪੰਜਾਬ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਮੋਹਾਲੀ , ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਹੁਣ 3 ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ ‘ਚ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਵੇਚ ਦਿੱਤਾ ਹੈ। ਪਰ ਤਿੰਨ ਚੀਜ਼ਾਂ ਖਰੀਦੀਆਂ ਹਨ, ਇਨ੍ਹਾਂ ਵਿੱਚ ਈਡੀ, ਸੀਬੀਆਈ ਅਤੇ ਇਨਕਮ ਟੈਕਸ ਸ਼ਾਮਲ ਹਨ। ਇਨ੍ਹਾਂ ਏਜੰਸੀਆਂ ਦੀ ਮੱਦਦ ਨਾਲ ਉਹ ਹੁਣ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ, ਅਸੀਂ ਅੰਤ ਤੱਕ ਲੜਾਂਗੇ।