- ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਵਿੱਤ ਮੰਤਰੀ ਚੀਮਾ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਦਿੜ੍ਹਬਾ, 22 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਸਦਕਾ ਛੇਤੀ ਹੀ ਅਸੀਂ ਦਿੜ੍ਹਬਾ ਸਬ ਡਵੀਜ਼ਨ ਦੇ ਲੋਕਾਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਾਂ ਜਿਸ ਦੇ ਪਹਿਲੇ ਪੜਾਅ ਵਜੋਂ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਅੱਜ ਨੀਂਹ ਪੱਥਰ ਸਮਾਰੋਹ ਤੋਂ ਬਾਅਦ ਇਹ ਸ਼ਬਦ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਦੋਂ ਉਹ ਪਿਛਲੀ ਸਰਕਾਰ ਸਮੇਂ ਵਿਰੋਧੀ ਧਿਰ ਦੇ ਆਗੂ ਸਨ, ਤਾਂ ਉਨ੍ਹਾਂ ਨੇ ਸਮੇਂ ਸਮੇਂ ’ਤੇ ਦਿੜ੍ਹਬਾ ਵਾਸੀਆਂ ਦੀ ਇਸ ਬੇਹੱਦ ਮਹੱਤਵਪੂਰਨ ਮੰਗ ਨੂੰ ਉਠਾਇਆ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦਿਆਂ ਹੀ ਇਸ ਸਬ ਡਵੀਜ਼ਨਲ ਕੰਪਲੈਕਸ ਨੂੰ ਬਣਾਉਣ ਦਾ ਸੁਪਨਾ ਸਾਕਾਰ ਹੁੰਦਾ ਨਜ਼ਰ ਆਉਣ ਲੱਗ ਪਿਆ ਸੀ ਅਤੇ ਉਦੋਂ ਤੋਂ ਹੀ ਉਹ ਖੁਦ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਇਸ ਦੀ ਰੂਪ ਰੇਖਾ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਸਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਨੂੰ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਸਥਾਈ ਤੌਰ ’ਤੇ ਸਮਾਪਤ ਕਰਨ ਲਈ ਇਸ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਲਈ ਕਰੀਬ 10.68 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਈ ਸੀ ਪਰ ਇਮਾਨਦਾਰੀ ਤੇ ਨੇਕ ਨੀਅਤ ਵਾਲੀ ਸੋਚ ‘ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਹੁਣ ਇਹ ਉਸਾਰੀ ਕਰੀਬ 9 ਕਰੋੜ 6 ਲੱਖ ਰੁਪਏ ਵਿੱਚ ਕਰਵਾਈ ਜਾਵੇਗੀ ਜਿਸ ਨਾਲ ਸਰਕਾਰ ਨੂੰ ਕਰੀਬ 14 ਪ੍ਰਤੀਸ਼ਤ ਰਾਸ਼ੀ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ 9 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਕੰਪਲੈਕਸ ਵਿੱਚ ਦਫ਼ਤਰ ਉਪ ਮੰਡਲ ਮੈਜਿਸਟਰੇਟ, ਦਫ਼ਤਰ ਉਪ ਕਪਤਾਨ ਪੁਲਿਸ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਸੀ.ਡੀ.ਪੀ.ਓ ਦਫ਼ਤਰ ਤੇ ਫਰਦ ਕੇਂਦਰ ਸਥਾਪਤ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਇੱਕੋ ਛੱਤ ਹੇਠਾਂ ਦੂਰ ਕਰਨ ਦੀ ਵਚਨਬੱਧਤਾ ਤਹਿਤ ਇਹ ਸਾਰਥਕ ਕਦਮ ਪੁੱਟਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ 35 ਪਿੰਡਾਂ ਤੇ ਸ਼ਹਿਰੀ ਇਲਾਕਿਆਂ ਦੇ ਕਰੀਬ 1 ਲੱਖ ਲੋਕਾਂ ਨੂੰ ਇਸ ਕੰਪਲੈਕਸ ਰਾਹੀਂ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਮਿਲ ਸਕਣਗੀਆਂ ਅਤੇ ਕੰਪਲੈਕਸ ਦੀ ਉਸਾਰੀ ਪ੍ਰਕਿਰਿਆ ਇੱਕ ਵਰ੍ਹੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੀ ਹਦਾਇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਕੰਪਲੈਕਸ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਟਾਫ਼ ਤੇ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆ ਸਕੇ।