
- ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
- ਗੁਣਤਾਮਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ
ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਿਲਿਆਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਸਿੱਖਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਵਿਖੇ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਪ੍ਰੋਜੈਕਟਰ, ਉੱਚ ਕੋਟੀ ਦੇ ਮਜਬੂਤ ਡੈਸਕ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਵਿਦਿਆਰਥੀਆਂ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਰਾਜਿੰਦਰ ਕੁਮਾਰ ਸੋਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸਿੱਖਿਆ ਸ੍ਰੀ ਅਜੇ ਕੁਮਾਰ ਸ਼ਰਮਾ, ਸ੍ਰੀ ਜਸਵਿੰਦਰ ਪਾਲ ਸ਼ਰਮਾ, ਬੀਐਨਓ ਲੰਬੀ ਓਮਨਦੀਪ ਸਿੰਘ ਹਾਜ਼ਰ ਸਨ।