- ਸਿੱਖਿਆ ਕ੍ਰਾਂਤੀ ਬਾਰੇ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਝੰਡੀ ਦੇ ਕੇ ਕੀਤਾ ਰਵਾਨਾ
- ਪੰਜਾਬ ਹੋਰਨਾਂ ਸੂਬਿਆਂ ਲਈ ਸਿੱਖਿਆ ਦੇ ਖੇਤਰ ’ਚ ਰੋਲ ਮਾਡਲ ਬਣਿਆ- ਡੀਜੀ ਸਿੰਘ
- ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਦਾ ਮੌਕਾ ਦੇਣ:- ਪੰਕਜ ਅਰੋੜਾ।
ਪਠਾਨਕੋਟ, 1 ਮਾਰਚ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਆਈ ਸਿੱਖਿਆ ਕ੍ਰਾਂਤੀ ਨੇ ਰਾਜ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ, ਜਿਸ ਕਰਕੇ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਹੋਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਠਾਨਕੋਟ -1 ਐੱਟ ਘਰੋਟਾ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਪੰਕਜ ਅਰੋੜਾ ਦੀ ਅਗਵਾਈ ਹੇਠ ਚਲਾਈ ਗਈ ਦਾਖਲਾ ਜਾਗਰੂਕਤਾ ਵੈਨ ਨੂੰ ਬਲਾਕ ਦੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ, ਡੀਐਸਐਮ ਬਲਵਿੰਦਰ ਸੈਣੀ, ਪ੍ਰਿੰਸੀਪਲ ਪੰਕਜ ਮਹਾਜਨ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਭਗਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਵਿੱਚ ਦਾਖਲਾ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ ਕਰਦਿਆਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਾਖਲਿਆਂ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਅਧੁਨਿਕ ਸਹੂਲਤਾਂ ਨਾਲ ਵਿਦਿਆਰਥੀ ਹੁਣ ਸਮੇਂ ਦੇ ਹਾਣੀ ਬਣਨਗੇ ਅਤੇ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਉਹ ਆਪਣੇ ਸੂਬੇ ਅੰਦਰ ਹੀ ਨੌਕਰੀਆਂ ਦੇ ਕਾਬਲ ਬਣ ਸਕਣਗੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਟੋਲ ਫਰੀ ਨੰਬਰ 1800-180-2139 ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਘਰੋਟਾ ਬਜ਼ਾਰ ਵਿੱਚ ਉਨ੍ਹਾਂ ਵੱਲੋਂ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲ ਆਫ਼ ਐਮੀਨੈਂਸ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ, ਮੁਫ਼ਤ ਭੋਜਨ, ਵਰਦੀ ਅਤੇ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਕੇ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਹਾਸਲ ਕਰਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿਚ ਹੋਰ ਸੂਬਿਆਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਬਣ ਗਿਆ ਹੈ। ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਚੋਖਾ ਸੁਧਾਰ ਹੋਇਆ ਹੈ। ਅੱਜ ਹਰ ਸਰਕਾਰੀ ਸਕੂਲ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ ਤੇ ਕਲਾਸਰੂਮ ਬਣਾਏ ਜਾ ਰਹੇ ਹਨ, ਪਖਾਨੇ, ਵਾਈ-ਫਾਈ, ਲੈਬ ਵਰਗੀਆਂ ਸਹੂਲਤਾਂ ਉਪਲੱਬਧ ਹੋ ਰਹੀਆਂ ਹਨ। ਹਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਵਾਸਤੇ 2-2 ਸਿਕਿਉਰਟੀ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਪੰਕਜ ਅਰੋੜਾ ਨੇ ਵੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਆਏ ਬਿਹਤਰ ਸੁਧਾਰਾਂ ਪ੍ਰਤੀ ਜਾਗਰੂਕ ਕੀਤਾ ਅਤੇ ਕਿਹਾ ਕਿ ਉਹ ਆਪਣੇ ਹੀ ਨਹੀਂ ਬਲਕਿ ਜਾਣਕਾਰਾਂ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਕੇ ਉਨ੍ਹਾਂ ਨੂੰ ਸਿੱਖਿਆ ਦਾ ਬਿਹਤਰ ਮੌਕਾ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਬਿਹਤਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਨਵੀਆਂ ਯੋਜਨਾਵਾਂ ਵੀ ਲਿਆ ਰਹੀ ਹੈ, ਤਾਂ ਜੋ ਸਿੱਖਿਆ ਦੇ ਪੱਧਰ ਨੂੰ ਬਿਹਤਰ ਤੋਂ ਬਿਹਤਰ ਬਣਾਇਆ ਜਾ ਸਕੇ। ਇਸ ਦੇ ਨਾਲ-ਨਾਲ ਸਕੂਲਾਂ ਦੀਆਂ ਸੁਵਿਧਾਵਾਂ ਨੂੰ ਵੀ ਬਿਹਤਰ ਬਣਾਉਣ ਦੇ ਲਈ ਲਗਾਤਰ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਅਕਾਊਂਟੈਂਟ ਰਾਜ ਕੁਮਾਰ, ਕਲਰਕ ਜਤਿੰਦਰ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ, ਸੀਐਚਟੀ ਦੀਪਕ ਕਮਲ, ਸੀਐਚਟੀ ਬਾਬਾ ਸਿੰਘ, ਐਚਟੀ ਤਰਸੇਮ ਸਿੰਘ, ਤੇਜਿੰਦਰ ਸਿੰਘ, ਪ੍ਰਦੀਪ ਕੁਮਾਰ, ਰੂਪ ਲਾਲ, ਸੋਹਨ ਲਾਲ ਸਟੇਟ ਅਵਾਰਡੀ, ਹਰਸ਼, ਕਸ਼ਮੀਰਾ ਲਾਲ ਆਦਿ ਹਾਜ਼ਰ ਸਨ। ਫੋਟੋ ਕੈਪਸ਼ਨ:- ਦਾਖ਼ਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ, ਬੀਪੀਈਓ ਸ੍ਰੀ ਪੰਕਜ ਅਰੋੜਾ ਅਤੇ ਹੋਰ।