ਪੰਜਾਬ ਪੁਲਿਸ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦ੍ਰਿੜ ਸੰਕਲਪ : ਜ਼ਿਲ੍ਹਾ ਪੁਲਿਸ ਮੁਖੀ 

  • ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਵਿੱਚ ਮਦਦ ਕਰੇਗੀ ਪੁਲਿਸ
  • ਸਮੂਹ ਥਾਣਾ ਮੁਖੀ ਤੇ ਚੌਂਕੀ ਇੰਚਾਰਜ ਨਸ਼ਿਆਂ ਦਾ ਖਾਤਮਾ ਕਰਨ ਲਈ ਪਿੰਡਾਂ ਦੇ ਲੋਕਾਂ ਨਾਲ ਨਿੱਜੀ ਤੌਰ ਤੇ ਕਰਨ ਮੀਟਿੰਗਾਂ
  • ਨਸ਼ਿਆਂ ਦਾ ਖਾਤਮਾ ਕਰਨ ਲਈ ਪੇਂਡੂ ਖੇਤਰ ਵਿੱਚ 499 ਤੇ ਸ਼ਹਿਰੀ ਖੇਤਰ ਵਿੱਚ 93 ਟੀਮਾਂ ਦਾ ਕੀਤਾ ਗਠਨ 
  • ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸੋਹਣ ਫਾਰਮ ਵਿਖੇ ਪੋ੍ਜੈਕਟ ਸੰਪਰਕ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦੇ ਮੰਤਵ ਨਾਲ ਪੋ੍ਜੈਕਟ ਸੰਪਰਕ ਤਹਿਤ ਪੇਂਡੂ ਖੇਤਰ ਵਿੱਚ 499 ਤੇ ਸ਼ਹਿਰੀ ਖੇਤਰ ਵਿੱਚ 93 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਸੋਹਣ ਫਾਰਮ ਸਰਹਿੰਦ ਵਿਖੇ ਵੱਖ-ਵੱਖ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਅਜਿਹੀ ਲਾਹਣਤ ਹੈ ਜੋ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਬਣਾਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਵੀ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਸਮਾਜ ਵਿਰੋਧੀ ਅਨਸਰਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ ਅਤੇ ਅਜਿਹੀਆਂ ਕਾਰਵਾਈਆ ਕਰਨ ਵਾਲੇ ਕਈ ਮਾੜੇ ਅਨਸਰਾਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਵੱਡੀ ਸੱਟ ਮਾਰੀ ਗਈ ਹੈ। ਜਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਛੇਤੀ ਹੀ ਵੱਡੀ ਪੱਧਰ ਤੇ ਨਸ਼ਾ ਛੁੜਾਊ ਮੁਹਿੰਮ ਸ਼ੁਰੂ ਕਰ ਰਹੀ ਹੈ ਜਿਸ ਵਿੱਚ ਘੱਟ ਮਾਤਰਾ ਵਿੱਚ ਨਸ਼ਿਆਂ ਨਾਲ ਪੁਲਿਸ ਦੀ ਗ੍ਰਿਫਤ ਵਿੱਚ ਆਉਣ ਵਾਲੇ ਮੁਲਜ਼ਮਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਉਹਨਾਂ ਨੂੰ ਸਮਾਜ ਵਿੱਚ ਚੰਗੇ ਸ਼ਹਿਰੀ ਵਜੋਂ ਵਿਚਰਨ ਲਈ ਮਦਦ ਕੀਤੀ ਜਾਵੇਗੀ। ਉਨਾਂ ਸਮੂਹ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਆਪੋ ਆਪਣੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਮਾੜੇ ਅਨਸਰਾਂ ਤੇ ਤੇਖੀ ਨਜ਼ਰ ਵੱਖਰੀ ਜਾਵੇ ਉਹਨਾਂ ਇਹ ਵੀ ਕਿਹਾ ਕਿ ਛੇਤੀ ਹੀ ਇਹਨਾਂ ਕੈਮਰਿਆਂ ਜਰੀਏ  ਲਾਈਵ ਸਟਰੀਮਿੰਗ ਸ਼ੁਰੂ ਕੀਤੀ ਜਾਵੇਗੀ ਜਿਸ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਉਨਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸੂਚਨਾ ਦੇਣ ਲਈ ਸ਼ੁਰੂ ਕੀਤੀ ਡਰੱਗ ਟਿਪਸ ਹੈਲਪ ਲਾਈਨ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਜਿੱਥੇ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹੇ ਸਮੂਹ ਐਸ.ਐਚ.ਓਜ਼ ਤੇ ਚੌਂਕੀ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਲਾਮਬੱਧ ਕਰਨ ਦੇ ਮੰਤਵ ਨਾਲ ਨਿੱਜੀ ਤੌਰ ਤੇ ਪਿੰਡਾਂ ਦੇ ਸ਼ਹਿਰਾਂ ਦੇ ਲੋਕਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਸੂਚਨਾ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਤਾਂ ਹੀ ਖਤਮ ਹੋ ਸਕਦੀ ਹੈ ਜੇਕਰ ਹਰੇਕ ਵਰਗ ਦੇ ਲੋਕ ਪੁਲਿਸ ਵੱਲੋਂ ਚਲਾਈ ਮੁਹਿੰਮ ਵਿੱਚ ਉਸਾਰੂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੀਆ ਰੋਜ਼ਾਨਾ ਦੀਆ ਗਤੀਵਿਧੀਆ ਤੇ ਲਗਾਤਾਰ ਨਜ਼ਰ ਰੱਖਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਸਬੰਧੀ ਵੀ ਪੁਲਿਸ ਨਾਲ ਤਾਲਮੇਲ ਕੀਤਾ ਜਾਵੇ ਅਤੇ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਨੂੰ ਸਮਾਜ ਅੰਦਰ ਮੁੜ ਇੱਕ ਚੰਗੇ ਸ਼ਹਿਰੀ ਵਾਂਗ ਜੀਵਨ ਬਤੀਤ ਕਰਨ ਵਿੱਚ ਪੁਲਿਸ ਸਹਾਇਤਾ ਕਰੇਗੀ। ਇਸ ਮੌਕੇ ਐਸਪੀ (ਜਾਂਚ) ਰਾਕੇਸ਼ ਯਾਦਵ, ਡੀਐੱਸਪੀ ਨਿਖਿਲ ਗਰਗ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਥਾਣਾ ਮੁਖੀ, ਚੌਕੀ ਇੰਚਾਰਜ ਤੇ ਡਿਫੈਂਸ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।