ਪਟਿਆਲਾ, 02 ਨਵੰਬਰ : ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ 12.9 ਫੀਸਦੀ ਰਹਿ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼੍ਰੀ ਦੁਖਨਿਵਾਰਨ ਸਾਹਿਬ ਨੇੜੇ ਆਮ ਆਦਮੀ ਕਲੀਨਿਕ ਵਿਖੇ ਪੰਜਾਬ ਰਾਜ ਤੰਬਾਕੂ ਮੁਕਤ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਏ ਸਨ। ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਤੰਬਾਕੂ ਦੀ ਵਰਤੋਂ ਘਟ ਕੇ 12.9 ਫੀਸਦੀ ਰਹਿ ਗਈ ਹੈ, ਜਿਸ ਕਾਰਨ ਰਾਜ ਨੂੰ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਨੂੰ ਤੰਬਾਕੂ ਮੁਕਤ ਕਰਨ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਤੰਬਾਕੂ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ। ਦੱਸ ਦੇਈਏ ਕਿ ਪੰਜਾਬ ਦੇ ਲਗਭਗ 800 ਤੋਂ ਵੱਧ ਪਿੰਡਾਂ ਨੇ ਖੁਦ ਨੂੰ ਤੰਬਾਕੂ ਮੁਕਤ ਐਲਾਨਿਆ ਹੋਇਆ ਹੈ। ਇਸੇ ਤਰ੍ਹਾਂ ਸੂਬੇ ਦੀਆਂ 98 ਫੀਸਦੀ ਵਿਦਿਅਕ ਸੰਸਥਾਵਾਂ ਨੂੰ ਵੀ ਤੰਬਾਕੂ ਮੁਕਤ ਕੀਤਾ ਜਾ ਚੁੱਕਾ ਹੈ, ਜਿਥੇ ਨਾ ਤਾਂ ਤੰਬਾਕੂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਨਾ ਹੀ ਆਲੇ ਦੁਆਲੇ ਦੇ 100 ਗਜ ਏਰੀਏ ਵਿੱਚ ਤੰਬਾਕੂ ਦੀ ਵਿਕਰੀ ਕੀਤੀ ਜਾਂਦੀ ਹੈ।a