- ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਗਰਾਂਟ ਜਾਰੀ ਕੀਤੀ: ਵਿੱਤ ਮੰਤਰੀ
- ਯੂਨੀਵਰਸਿਟੀ ਦੀਆਂ ਵਿਆਜ਼ ਦੇਣਦਾਰੀਆਂ ਵਿੱਚ ਕਮੀ ਆਈ : ਪ੍ਰੋ. ਅਰਵਿੰਦ
- ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਪੂਰੇ ਜਲੌਅ ’ਤੇ
ਪਟਿਆਲਾ, ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ। ਇਹ ਗਰਾਂਟ ਭਵਿੱਖ ਵਿੱਚ ਵੀ ਜਾਰੀ ਰਹੇਗੀ। ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀ ਰਹੇ ਸ੍ਰ. ਚੀਮਾ ਨੇ ਕਿਹਾ ਕਿ ਜਿਸ ਯੂਨੀਵਰਸਿਟੀ ਨੇ ਸਾਨੂੰ ਮੌਜੂਦਾ ਮੁਕਾਮ ਤੱਕ ਪਹੁੰਚਾਇਆ ਹੈ, ਉਸ ਯੂਨੀਵਰਸਿਟੀ ਨੂੰ ਕਿਸੇ ਵੀ ਕਿਸਮ ਦੇ ਸੰਕਟ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਹੋਈਆਂ ਕੁੱਝ ਬੇਨਿਯਮੀਆਂ ਅਤੇ ਫ਼ੰਡਾਂ ਦੀ ਘਾਟ ਕਾਰਨ ਪੰਜਾਬੀ ਯੂਨੀਵਰਸਿਟੀ ਸਿਰ ਜੋ ਕਰਜ਼ਾ ਚੜ੍ਹਿਆ ਸੀ, ਉਸ ਨੂੰ ਉਤਾਰਨ ਲਈ ਵੀ ਲਗਾਤਾਰ ਯਤਨ ਜਾਰੀ ਹਨ ਅਤੇ ਹੌਲ਼ੀ-ਹੌਲ਼ੀ ਇਹ ਘਟਣਾ ਵੀ ਸ਼ੁਰੂ ਹੋ ਗਿਆ। ਇਸ ਦਿਸ਼ਾ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਉਨ੍ਹਾਂ ਵੱਲੋਂ ਸ਼ਲਾਘਾ ਕੀਤੀ। ਉਨ੍ਹਾਂ ਇਸ ਗੱਲ ਉੱਤੇ ਵੀ ਖੁਸ਼ੀ ਪ੍ਰਗਟਾਈ ਕਿ ਪਿਛਲੇ ਸਮੇਂ ਦੌਰਾਨ ਯੂਨੀਵਰਸਿਟੀ ਵਿੱਚ ਦਾਖਲਿਆਂ ਦੀ ਕਮੀ ਚੱਲ ਰਹੀ ਸੀ ਪਰ ਇਸ ਵਾਰ ਸਾਰੇ ਦਾਖ਼ਲਿਆਂ ਵਿੱਚ ਤਕਰੀਬਨ 10 ਫ਼ੀਸਦੀ ਵਾਧਾ ਹੋਇਆ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿੱਤੀ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਅਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਜਿਨ੍ਹਾਂ ਨੇ ਆਪਣੀ ਸਰਕਾਰ ਬਣਦੇ ਹੋਏ ਯੂਨੀਵਰਸਿਟੀ ਪ੍ਰਤੀ ਦਰਿਆਦਿਲੀ ਵਿਖਾਈ ਅਤੇ ਇਸ ਦੀ ਗ੍ਰਾਂਟ ਪ੍ਰਤੀ ਮਹੀਨਾ 12 ਕਰੋੜ ਰੁਪਏ ਤੋਂ ਵਧਾ ਕੇ ਪ੍ਰਤੀ ਮਹੀਨਾ 30 ਕਰੋੜ ਰੁਪਏ ਕਰ ਦਿੱਤੀ ਹੈ। ਸਰਕਾਰ ਨੇ ਵਿੱਤੀ ਪੱਖੋਂ ਔਖੇ ਸਮੇਂ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਬਾਂਹ ਫੜੀ ਹੈ। ਇਸ ਕਰਕੇ ਉਹ ਵੀ ਯੂਨੀਵਰਸਿਟੀ ਦਾ ਅਕਾਦਮਿਕ ਕੱਦ ਹੋਰ ਉੱਚਾ ਚੁੱਕਣ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡਣ ਦਾ ਵਾਅਦਾ ਕਰਦੇ ਹਨ। ਇਸ ਤੋਂ ਪਹਿਲਾਂ ਵੀ.ਸੀ. ਦਫ਼ਤਰ ਵਿਖੇ ਯੂਨੀਵਰਸਿਟੀ ਵਿੱਚ ਚੱਲ ਰਹੇ ਕਾਰਜਾਂ ਬਾਰੇ ਇੱਕ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਨਾਲ ਨਾਲ ਪੰਜਾਬੀਆਂ ਦੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੈ ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਯੂਨੀਵਰਸਿਟੀ ਨੂੰ ਸੰਕਟ ਵਿੱਚੋਂ ਕੱਢਣ ਦੀ ਪੂਰੀ ਤਰ੍ਹਾਂ ਵਚਨਵੱਧ ਹੈ। ਜਾਇਜ਼ਾ ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਯੂਨੀਵਰਸਿਟੀ ਦੀ ਕਾਰਜਪ੍ਰਣਾਲੀ ਵਿੱਚ ਅਨੇਕਾਂ ਸੁਧਾਰ ਕੀਤੇ ਗਏ ਹਨ ਅਤੇ ਇਸ ਦੀਆਂ ਦੇਣਦਾਰੀਆਂ ਤੇ ਖਰਚਿਆਂ ਨੂੰ ਘਟਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੱਖਾਂ ਤੋਂ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਵਿਆਜ ਦੀ ਦੇਣਦਾਰੀ ਵਿੱਚ ਕਮੀ ਆਈ ਹੈ। ਇਸ ਦੌਰਾਨ ਵਾਈਸ ਚਾਂਸਲਰ ਨੇ ਡੇਟਸ਼ੀਟ ਤੋਂ ਲੈ ਕੇ ਇਮਤਿਹਾਨ ਲੈਣ ਦੀ ਪ੍ਰਕਿਰਿਆ ਵਿੱਚ ਕੀਤੇ ਗਏ ਸੁਧਾਰਾਂ ਦੀ ਵੀ ਵਿੱਤ ਮੰਤਰੀ ਨੂੰ ਜਾਣਕਾਰੀ ਦਿੱਤੀ। ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਦੇ ਸਮੇਂ ਦੌਰਾਨ ਪਹਿਲੀ ਵਾਰ ਦਸੰਬਰ ਮਹੀਨੇ ਤੱਕ ਪਹਿਲੇ ਸਮੈਸਟਰ ਦੇ ਇਮਤਿਹਾਨ ਲੈਣ ਦੇ ਕਾਰਜ ਨੂੰ ਮੁਕੰਮਲ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਅਗੇਲੇ ਸਮੈਸਟਰ ਦੀ ਪੜ੍ਹਾਈ ਸਮੇਂ ਸਿਰ ਆਰੰਭ ਹੋਈ ਹੈ। ਇਸ ਦੌਰਾਨ ਰਜਿਸਟਰਾਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦਾ ਪਬਲੀਕੇਸ਼ਨ ਬਿਊਰੋ ਦੀਆਂ ਪਬਲੀਕੇਸ਼ਨਾਂ ਪਿਛਲੇ ਚਾਰ ਸਾਲ ਤੋਂ ਬੰਦ ਸਨ ਅਤੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ ਅਤੇ ਕਈ ਪੁਸਤਕਾਂ ਛਾਪੀਆਂ ਗਈਆਂ ਹਨ। ਵਿੱਤ ਮੰਤਰੀ ਸ. ਚੀਮਾ ਨੇ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਵਿੱਚ ਬਿਜਲੀ ਦੇ ਬਿਲ ਘਟਾਉਣ ਲਈ ਸੋਲਰ ਸਿਸਟਮ ਲਾਉਣ ਦੀ ਜ਼ਰੂਰਤ ਉੱਤੇ ਜ਼ੋਰ ਦਿੱਤਾ। ਇਸ ਸਬੰਧ ਵਿੱਚ ਵਾਈਸ ਚਾਂਸਲਰ ਨੇ ਦੱਸਿਆ ਕਿ ਇਸ ਵਾਸਤੇ ਪ੍ਰੋਜੈਕਟ ਤਿਆਰ ਕਰ ਲਿਆ ਹੈ ਅਤੇ ਇਸ ਦਿਸ਼ਾ ਵੱਲ ਕਦਮ ਪੁੱਟੇ ਜਾ ਰਹੇ ਹਨ। ਵਿੱਤ ਮੰਤਰੀ ਨੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਸੁਧਾਰਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਵਿੱਚ ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਰਹੇ।