ਲੁਧਿਆਣਾ, 26 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਿਹਤ ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਭੌਤਿਕ ਸਥਿਤੀ ਦੀ ਜਾਂਚ ਕੀਤੀ ਜਿਸ ਵਿੱਚ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ, ਦੋਰਾਹਾ ਅਤੇ ਰਾਏਕੋਟ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.), ਐਫਲੂਐਂਟ ਟਰੀਟਮੈਂਟ ਪਲਾਂਟ (ਈ.ਟੀ.ਪੀ.), ਪੱਖੋਵਾਲ ਸੀ.ਐਚ.ਸੀ. ਦੀ ਮੁਰੰਮਤ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਜ਼ੋਨਲ ਦਫ਼ਤਰ ਅਤੇ ਹੋਰ ਸ਼ਾਮਲ ਸਨ। ਉਨ੍ਹਾਂ ਓਟ ਕੇਂਦਰਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਅਤੇ ਆਯੂਸ਼ਮਾਨ ਸਕੀਮ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨਸ਼ੇ ਦੇ ਆਦੀ ਲੋਕਾਂ ਲਈ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਦਾ ਸੁਝਾਅ ਦਿੱਤਾ। ਇਹ ਪਹਿਲਕਦਮੀ ਉਨ੍ਹਾਂ ਨੂੰ ਸਵੈ-ਨਿਰਭਰ ਅਤੇ ਰੁਜ਼ਗਾਰ ਯੋਗ ਬਣ ਕੇ ਰੋਜ਼ੀ-ਰੋਟੀ ਕਮਾਉਣ ਵਿੱਚ ਮਦਦ ਕਰੇਗੀ, ਜੋ ਆਖਿਰਕਾਰ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰੇਗੀ। ਉਨ੍ਹਾਂ ਸਿਵਲ ਸਰਜਨ ਜਸਬੀਰ ਸਿੰਘ ਔਲਖ ਨੂੰ ਵੀ ਕਿਹਾ ਕਿ ਉਹ ਪ੍ਰੋਜੈਕਟਾਂ ਨਾਲ ਸਬੰਧਤ ਬਕਾਇਆ ਪਏ ਬਜਟ ਦੇ ਵਿਸਤ੍ਰਿਤ ਮੁੱਦਿਆਂ ਬਾਰੇ ਜਾਣਕਾਰੀ ਦੇਣ ਤਾਂ ਜੋ ਮਸਲਿਆਂ ਦਾ ਜਲਦ ਨਿਪਟਾਰਾ ਕਰਦਿਆਂ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਅਤਿ-ਆਧੁਨਿਕ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਸਿਹਤ ਸੰਭਾਲ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।