ਸੰਗਰੂਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿੱਥੇ ਗਏ ਟੀਚੇ ਤਹਿਤ ਸਮੂਹ ਸਿਹਤ ਅਧਿਕਾਰੀ ਇਨਾਂ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨਾਂ ਨੇ ਸਿਹਤ ਅਧਿਕਾਰੀਆਂ ਤੋਂ ਕੋਰੋਨਾ ਤੋਂ ਬਚਾਅ ਲਈ ਅਹਿਤਿਆਤ ਵਜੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੈਂਪਲਿੰਗ ਕਰਨ ਦੀ ਹਦਾਇਤ ਵੀ ਕੀਤੀ। ਸ਼੍ਰੀ ਜੋਰਵਾਲ ਨੇ ਡੇਂਗੂ ਸਮੇਤ ਹੋਰ ਮੌਸਮੀ ਰੋਗਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੁਆਰਾ ਅਮਲ ਵਿੱਚ ਲਿਆਂਦੇ ਜਾ ਰਹੇ ਕਾਰਜਾਂ ਬਾਰੇ ਵੀ ਜਾਇਜ਼ਾ ਲਿਆ। ਉਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਬਾਰੇ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਜਾਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਧਿਕਾਰੀਆਂ ਨੂੰ ਫੌਗਿੰਗ ਸਮਾਂ ਸਾਰਣੀ ਬਣਾ ਕੇ ਉਨ੍ਹਾਂ ਖੇਤਰਾਂ ਵਿੱਚ ਫੌਗਿੰਗ ਕਰਵਾਈ ਜਾਵੇ ਜਿਥੇ ਪਿਛਲੇ ਬਰਸਾਤੀ ਮੌਸਮ ਦੌਰਾਨ ਮਲੇਰੀਆ, ਡੇਂਗੂ ਜਾਂ ਚਿਕਨਗੁਨੀਆ ਦੇ ਕੇਸ ਮਿਲੇ ਸਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਿਆਂ ਦੀ ਦਰ ਨੂੰ ਵਧਾਉਣ ਲਈ ਵਧੇਰੇ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਨੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਿਹਤ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਜਿਵੇਂ ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਖੇਤੀਬਾੜੀ, ਡਰੇਨੇਜ਼, ਮੱਛੀ ਪਾਲਣ, ਬਾਗਬਾਨੀ, ਭੂਮੀ ਰੱਖਿਆ, ਸਿਖਿਆ ਸਮੇਤ ਹੋਰਾਂ ਵੱਲੋਂ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਜੈਨ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਭਵਾਨੀਗੜ੍ਹ ਵਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਡਾ ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਡਾ. ਉਪਾਸਨਾ ਬਿੰਦਰਾ ਸਮੇਤ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।