ਮਾਨਸਾ, 12 ਨਵੰਬਰ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਦੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ | ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮਾਨਸਾ ਦੇ ਡੀਐਸਪੀ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਜੋ ਕਿ ਪੰਜਾਬ ਪੁਲੀਸ ਵਿੱਚ ਤਾਇਨਾਤ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਚਮਕੌਰ ਸਿੰਘ (ਸਿੱਧੂ ਮੂਸੇਵਾਲਾ ਦੇ ਤਾਏ) ਦੀ ਸੁਰੱਖਿਆ ‘ਚ ਤਾਇਨਾਤ ਸੀ। ਦੇਰ ਰਾਤ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੋਲੀ ਕਿਵੇਂ ਚਲੀ, ਇਸ ਸਬੰਧੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।