- ਲਿਫ਼ਟਿੰਗ ਤੇਜ਼ੀ ਨਾਲ ਜਾਰੀ, ਖ੍ਰੀਦ ਕੀਤੇ ਝੋਨੇ ਵਿੱਚੋਂ 70 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਜਲਾਉਣ ਦੀ ਕੀਤੀ ਅਪੀਲ
ਮੋਗਾ, 17 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਖ੍ਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 2044.35 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 91 ਫੀਸਦੀ ਬਣਦੀ ਹੈ, ਭਾਵ ਖ੍ਰੀਦ ਕੀਤੇ ਗਏ ਝੋਨੇ ਦੀ ਨਾਲੋ ਨਾਲ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1163239 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 1126227 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 97 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 70 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 507216 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 292593 ਮੀਟ੍ਰਿਕ ਟਨ, ਪਨਸਪ ਵੱਲੋਂ 203750 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 122595 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 73 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਢਾਈ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।