- ਆਮ ਆਦਮੀ ਕਲੀਨਿਕਾਂ ਵਿੱਚ 36211 ਨਾਗਰਿਕਾਂ ਦੇ ਟੈਸਟ ਕੀਤੇ ਗਏ ਮੁਫਤ
- ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਆਮ ਆਦਮੀ ਕਲੀਨਿਕ ਹੋ ਰਹੇ ਸਹਾਈ
ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 23 ਹਜ਼ਾਰ 163 ਨਾਗਰਿਕਾਂ ਨੇ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਦੇ ਤੌਰ ਤੇ ਮੰਨਦੇ ਹੋਏ ਜੋ ਫੈਸਲੇ ਕੀਤੇ ਗਏ ਹਨ ਉਸ ਅਨੁਸਾਰ ਆਮ ਆਦਮੀ ਕਲੀਨਿਕ ਇੱਕ ਅਹਿਮ ਪ੍ਰੋਜੈਕਟ ਵਜੋਂ ਉਭਰ ਕੇ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਰੋਗਾਂ ਦੇ ਇਲਾਜ ਲਈ ਹਸਪਤਾਲਾਂ ਅੰਦਰ ਜਾਣਾ ਪੈਂਦਾ ਸੀ ਜਿਥੇ ਲੋਕਾਂ ਦੀ ਭੀੜ ਹੋਣ ਕਾਰਨ ਕਾਫੀ ਸਮਾਂ ਲੱਗਦਾ ਸੀ ਪ੍ਰੰਤੂ ਹੁਣ ਘਰਾਂ ਨੇੜੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਆਪਣੇ ਘਰਾਂ ਤੋਂ ਵਧੇਰੇ ਦੂਰ ਨਾ ਜਾਣਾ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨਾਲ ਦੋਸਤਾਨਾਂ ਵਿਵਹਾਰ ਰੱਖਿਆ ਜਾਵੇ ਅਤੇ ਆਮ ਆਦਮੀ ਕਲੀਨਿਕਾਂ ਦੀ ਸਾਫ ਸਫਾਈ ਵੀ ਰੋਜ਼ਾਨਾਂ ਕਰਵਾਈ ਜਾਵੇ ਤਾਂ ਜੋ ਇਲਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਲਈ ਮੁਫਤ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਲਈ ਬਾਜਾਰ ਵਿੱਚੋਂ ਮਹਿੰਗੀਆਂ ਦਵਾਈਆਂ ਨਾ ਖਰੀਦਣੀਆਂ ਪੈਣ। ਉਨ੍ਹਾਂ ਦੱਸਿਆਂ ਕਿ ਪਹਿਲਾਂ ਜਿਥੇ ਸਰਕਾਰੀ ਹਸਪਤਾਲਾਂ ਅੰਦਰ 300 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਸਨ ਉਥੇ ਹੀ ਹੁਣ ਲੋਕਾਂ ਨੂੰ 100 ਤਰ੍ਹਾਂ ਦੀਆਂ ਮਹਿੰਗੀਆਂ ਦਵਾਈਆਂ ਵੀ ਮੁਹੱਈਆ ਹੋਣਗੀਆਂ ਜਿਨ੍ਹਾਂ ਵਿੱਚ ਦਿਲ ਦੇ ਰੋਗਾਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਖੋਲਣ ਦੇ ਨਾਲ-ਨਾਲ ਪੁਰਾਣੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਸ਼ੁਤ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਮ ਆਦਮੀ ਕਲੀਨਿਕ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 122 ਕਿਸਮ ਦੀਆਂ ਵੱਖ-ਵੱਖ ਦਵਾਈਆਂ ਮੁਫਤ ਮਿਲਣਗੀਆਂ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਣਗੇ ਜਿਸ ਨਾਲ ਲੋਕਾਂ ਦਾ ਆਰਥਿਕ ਬੋਝ ਘੱਟ ਹੋਵੇਗਾ।