- ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 52,101 ਐਮ.ਟੀ. ਕਣਕ ਦੀ ਆਮਦ
ਖਰੜ, 17 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਸ ਦੇ ਨਾਲ ਹੀ ਖਰੜ ਮੰਡੀ ਵਿੱਚ ਲਿੰਫਟਿੰਗ ਸਮੇਤ ਦਰਪੇਸ਼ ਵੱਖੋ ਵੱਖ ਸਮੱਸਿਆਵਾਂ ਨੂੰ ਵੀ ਹੱਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 52,101 ਐਮ.ਟੀ. ਕਣਕ ਕਿਸਾਨਾਂ ਵੱਲੋਂ ਲਿਆਂਦੀ ਗਈ ਹੈ, ਜਿਸ ਵਿਚੋਂ ਖਰੀਦ ਏਜੰਸੀਆਂ ਵੱਲੋਂ 51,687 ਐਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਅਤੇ ਸਮੂਹ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਨੂੰ ਤੇਜ਼ ਕਰਨ ਸਬੰਧੀ ਅਧਿਆਕਰੀਆਂ ਨੂੰ ਨਿਰਦੇਸ਼ ਦਿਤੇ ਗਏ ਹਨ। ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਥਾਂ ਆਦਿ ਦੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਮੰਡੀ ਵਿੱਚ ਲਿਆਉਣ ਤੋਂ ਪਹਿਲਾਂ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗ ਸਕਣ।