- ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ
ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਸਕੂਲਾਂ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਸਪੀਕਰ ਸੰਧਵਾ ਨੇ ਕਿਹਾ ਕਿ ਸਹੀ ਤਰੱਕੀ ਤੇ ਖੁਸ਼ਹਾਲੀ ਕੇਵਲ ਸਿੱਖਿਆ ਦੇ ਨਾਲ ਹੀ ਆ ਸਕਦੀ ਹੈ। ਇਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਪੂਰਵ ਸੁਹਿਰਦਤਾ ਨਾਲ ਕੰਮ ਕਰਦੇ ਹੋਏ ਸਰਕਾਰੀ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਕੂਲ ਸਟਾਫ ਦੀ ਮੰਗ ਤੇ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਕੂਲ ਦੀ ਸੁੰਦਰਤਾ ਲਈ 2 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ ਅਤੇ ਭਵਿੱਖ ਵਿਚ ਵੀ ਸਕੂਲ ਤੇ ਵਿਦਿਆਰਥੀਆਂ ਦੀ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਬੱਚਿਆਂ ਨੂੰ ਜੀਵਨ ਵਿਚ ਸਖਤ ਮਿਹਨਤ ਕਰਕੇ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਸਵਾਲ ਪੁੱਛੇ ਅਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸਕੂਲ ਦੇ ਮਿੱਡ ਡੇ ਮੀਲ ਵਰਕਰਾਂ ਨੂੰ ਵੀ ਨਕਦ ਇਨਾਮ ਦਿੱਤੇ। ਡਿਪਟੀ ਡੀਓ ਸੈਕੰਡਰੀ ਸਿੱਖਿਆ ਪ੍ਰਦੀਪ ਦਿਓੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੂੰ ਜੀ ਆਇਆਂ ਆਖਦੇ ਹੋਏ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਹੂਲਤਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਵੀ ਅਪੀਲ ਕੀਤੀ, ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ। ਸਰਕਾਰੀ ਮਿਡਲ ਸਕੂਲ ਪੱਕਾ ਦੇ ਸਕੂਲ ਮੁਖੀ ਸ. ਜਸਬੀਰ ਸਿੰਘ ਜੱਸੀ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।