ਕੋਟਕਪੂਰਾ 20 ਜਨਵਰੀ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਖਾਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ਤੇ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਯੋਗ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਹੋਰ ਪ੍ਰਾਪਤ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਨੇ ਕਿਹਾ ਕਿ ਪਿੰਡ ਖਾਰਾ ਵਿਖੇ ਲਗਾਏ ਇਸ ਸੁਵਿਧਾ ਕੈਂਪ ਵਿੱਚ ਪਿੰਡ ਵਾੜਾ ਦਰਾਕਾ, ਚੱਕ ਕਲਿਆਣ, ਠਾੜਾ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ। ਪੀ.ਆਰ.ਓ ਸ.ਮਨਪ੍ਰੀਤ ਧਾਲੀਵਾਲ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਜਾਂ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾ ਦਾ ਲਾਹਾ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਦੂਰ ਦੁਰਾਡੇ ਦਫ਼ਤਰਾਂ ਤੱਕ ਜਾਣ ਦੀ ਜ਼ਰੂਰਤ ਨਾ ਪਵੇ। ਇਸ ਮੌਕੇ ਜਗਤਾਰ ਸਿੰਘ ਬਰਾੜ ਯੂਥ ਆਗੂ, ਕਾਕਾ ਪ੍ਰਧਾਨ, ਗੁਰਪ੍ਰਤਾਪ ਸਿੰਘ, ਕੌਰੀ ਬਰਾੜ ਪ੍ਰਧਾਨ ਸਹਿਕਾਰੀ ਸਭਾ, ਤਜਿੰਦਰ ਸਿੰਘ, ਬਿਕਰਮਜੀਤ ਸਿੰਘ,ਰਣਜੀਤ ਸਿੰਘ, ਸੋਨੀ ਖਾਰਾ, ਸੁਖਪਾਲ ਵਾੜਾਦਰਾਕਾ, ਵਿੱਕੀ ਸਹੋਤਾ, ਗੁਰਤੇਜ ਬਰਾੜ, ਗੈਰੀ ਵੜਿੰਗ ਐਨ.ਆਰ.ਆਈ ਵਿੰਗ ਆਦਿ ਹਾਜ਼ਰ ਸਨ।