ਫ਼ਤਹਿਗੜ੍ਹ ਸਾਹਿਬ, 15 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਅਧੀਨ ਸੀਨੀਅਰ ਸਿਟੀਜਨਾਂ ਦੀ ਭਲਾਈ ਸਬੰਧੀ 24 ਨਵੰਬਰ ਨੂੰ ਸਵੇਰੇ 09:00 ਵਜੇ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਬਜ਼ੁਰਗਾਂ ਦੀਆਂ ਅੱਖਾਂ, ਨੱਕ ਅਤੇ ਗਲੇ ਦੀ ਮੁਫਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੀ ਨਜ਼ਰ ਚੈੱਕ ਕਰਨ ਉਪਰੰਤ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਲਗਾਉਣ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਸਬੰਧੀ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕੈਂਪ ਵਿੱਚ ਲੈ ਕੇ ਆਉਣ ਤਾਂ ਜੋ ਬਜ਼ੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।