- ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 20 ਤੇ 21 ਜਨਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ
- ਬੂਥ ਲੈਵਲ ਅਫਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ
ਸੰਗਰੂਰ, 19 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 29 ਫਰਵਰੀ ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਬਣਾਉਣ ਸਬੰਧੀ ਫਾਰਮ 3 (1) ਨਾਲ ਇਨ੍ਹਾਂ ਦਸਤਾਵੇਜਾਂ ਵਿੱਚੋਂ ਕੋਈ ਇੱਕ ਦਸਤਾਵੇਜ ਪਹਿਚਾਣ ਲਈ ਤੇ ਇੱਕ ਰੰਗਦਾਰ ਫੋਟੋ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪ੍ਰਵਾਨਿਤ ਅਧਿਕਾਰਿਤ ਪਛਾਣ ਦਸਤਾਵੇਜਾਂ ਵਿੱਚ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨਰ ਦੁਆਰਾ ਜਾਰੀ ਵੋਟਰ ਫੋਟੋ ਪਛਾਣ ਪੱਤਰ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐੱਸ.ਯੂ./ਪਬਲਿਕ ਲਿਮਿਟੇਡ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋ ਵਾਲੇ ਸੇਵਾ ਪਛਾਣ ਪੱਤਰ, ਬੈਂਕ/ਡਾਕਘਰ ਦੁਆਰਾ ਜਾਰੀ ਕੀਤੀਆਂ ਗਈਆਂ ਫੋਟੋਆਂ ਵਾਲੀਆਂ ਪਾਸਬੁੱਕਾਂ, ਪੈਨ ਕਾਰਡ, ਆਰ.ਜੀ.ਆਈ ਤਹਿਤ ਐੱਨ.ਪੀ.ਆਰ. ਦੁਆਰਾ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਮੇਤ ਸਰਕਾਰੀ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤਾ ਗਿਆ ਅਧਿਕਾਰਿਤ ਪਛਾਣ ਪੱਤਰ ਦੀ ਵਰਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬੰਧ ਵਿੱਚ ਵੋਟ ਬਣਾਉਣ ਲਈ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜਿੰਗ ਅਥਾਰਟੀ ਅਫਸਰਾਂ ਗੁਰਦੁਆਰਾ ਚੋਣ ਹਲਕਾ 41-ਮੂਣਕ ਲਈ ਉਪ ਮੰਡਲ ਮੈਜਿਸਟਰੇਟ ਮੂਣਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51-ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਨੂੰ ਸ਼ਨੀਵਾਰ (20 ਜਨਵਰੀ) ਅਤੇ ਐਤਵਾਰ (21 ਜਨਵਰੀ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਲਈ ਵੀ ਦਿਸ਼ਾ ਨਿਰਦੇਸ਼ ਦਿੱਤੇ ਹਨ।