ਵੋਟਾਂ ਨਾਲ ਸਬੰਧਤ ਸੇਵਾਵਾਂ ਦੇਣ ਲਈ 2 ਤੇ 3 ਦਸੰਬਰ ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

  • ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਵੋਟਰ ਸੂਚੀ ਦੇ ਸਮਰੀ ਰਿਵੀਜ਼ਨ ਪ੍ਰੋਗਰਾਮ ਵਿੱਚ ਸਾਥ ਦੇਣ ਕੀ ਕੀਤੀ ਅਪੀਲ

ਮੋਗਾ, 30 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਜ਼ਿਲ੍ਹਾ ਮੋਗਾ ਵਿੱਚ ਚਲਾਇਆ ਜਾ ਰਿਹਾ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ 9 ਦਸੰਬਰ, 2023 ਤੱਕ ਪ੍ਰਾਪਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ. ਪ੍ਰਭਦੀਪ ਸਿੰਘ, ਚੋਣ ਤਹਿਸੀਲਦਾਰ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।  ਉਨ੍ਹਾਂ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਲਈ ਚਲਾਏ ਜਾ ਰਹੇ ਪ੍ਰੋਗਰਾਮ ਵਿੱਚ ਬੀ.ਐਲ.ਓਜ਼ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਨੂੰ ਇਸ ਸਬੰਧੀ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਵੀ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਜਰੂਰਤ ਲਿਆਉਣ ਅਤੇ ਵੱਧ ਤੋਂ ਵੱਧ ਯੋਗ ਉਮੀਦਵਾਰਾਂ ਦੀ ਵੋਟ ਬਣਾਉਣ ਲਈ ਜਾਗਰੂਕਤਾ ਮੁਹਿੰਮ ਵਿੱਚ ਵੀ ਸਾਥ ਦੇਣ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 2 ਦਸੰਬਰ ਤੇ 3 ਦਸੰਬਰ, 2023, ਸ਼ਨੀਵਾਰ ਤੇ ਐਤਵਾਰ ਨੂੰ ਸਮੂਹ ਪੋਲਿੰਗ ਸਟੇਸ਼ਨਾਂ ਉੱਪਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਵੱਧ ਤੋਂ ਵੱਧ ਯੋਗ ਨਾਗਰਿਕ ਵੋਟਾਂ ਨਾਲ ਸਬੰਧਤ ਸੇਵਾਵਾਂ ਆਪਣੇ ਘਰਾਂ ਦੇ ਨਜ਼ਦੀਕ ਪ੍ਰਾਪਤ ਕਰ ਸਕਣ ਅਤੇ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਇਸ ਲਈ ਇਨਾਂ ਮਿਤੀਆਂ ਨੂੰ ਉਮੀਦਵਾਰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨਬੰਰ 6 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਜਾਂ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰਕੇ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਵੋਟਰ ਸੂਚੀ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵਰਤੀ ਜਾਵੇਗੀ ਇਸ ਲਈ ਹਰੇਕ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਜਰੂਰ ਚੈਕ ਕਰੇ ਤਾਂ ਜੋ ਵੋਟਾਂ ਵਾਲੇ ਦਿਨ ਉਸ ਨੂੰ ਪੋਲਿੰਗ ਸਟੇਸ਼ਨ ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ https://voters.eci.gov.in/  ਅਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਇਹ ਫਾਰਮ ਆਨਲਾਈਨ ਵੀ ਭਰ ਸਕਦੇ ਹੋ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫ਼ਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਵੋਟ ਇੱਕ ਹੀ ਥਾਂ ਤੇ ਬਣਵਾਉਣ ਜੇਕਰ ਕੋਈ ਵੋਟਰ ਇੱਕ ਤੋਂ ਵੱਧ ਆਪਣੀ ਵੋਟ ਬਣਵਾਉਂਦਾ ਹੈ ਤਾਂ ਉਸ ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।