- ਪੋਲਿੰਗ ਬੂਥਾਂ ਤੇ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣਗੇ ਕੈਂਪ
ਫ਼ਤਹਿਗੜ੍ਹ ਸਾਹਿਬ, 03 ਨਵੰਬਰ : ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 4 ਨਵੰਬਰ, 5 ਨਵੰਬਰ ਅਤੇ 2 ਦਸੰਬਰ ਤੇ 3 ਦਸੰਬਰ (ਸ਼ਨੀਵਾਰ ਤੇ ਐਤਵਾਰ) ਨੁੰ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਵਿਸੇਸ਼ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪੋ ਆਪਣੇ ਬੂਥਾਂ ਤੇ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹਾਜਰ ਰਹਿਣਗੇ ਤਾਂ ਜੋ ਆਮ ਲੋਕਾਂ ਤੋਂ ਫੋਟੋ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਉਮਰ 01-01-2024 ਨੂੰ 18 ਸਾਲ ਹੋਣ ਵਾਲੀ ਹੈ ਅਤੇ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਵਾਉਣ ਲਈ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਫਾਰਮ ਭਰ ਕੇ ਬੀ.ਐਲ.ਓ. ਨੂੰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀਆਂ ਦੀ ਵੋਟ ਬਣਾਉਣ ਲਈ ਫਾਰਮ ਨੰ: 6-ਏ, ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਲੈਣ ਲਈ, ਪਤਾ ਬਦਲਣ ਅਤੇ ਪੀ.ਡਬਲਯੂ.ਡੀ. ਮਾਰਕ ਕਰਵਾਉਣ ਲਈ ਫਾਰਮ ਨੰ: 8 ਭਰ ਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਆਨ ਲਾਇਨ ਵੋਟਰ ਹੈਲਪ ਲਾਇਨ ਮੋਬਾਇਲ ਐਪ, nvsp.in ਤੇ ਵੀ ਅਪਲਾਈ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲੈਣ ਵਾਸਤੇ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।