- 18 ਤੋਂ 25 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ
- 7 ਦਸੰਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਬਰਨਾਲਾ, 15 ਨਵੰਬਰ 2024 : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਵਿਚ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸਤਵੰਤ ਸਿੰਘ ਨੇ ਦੱਸਿਆ ਕਿ ਯੋਗਤਾ ਮਿਤੀ 1 ਨਵੰਬਰ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸ਼ੁਰੂਆਤੀ ਪ੍ਰਕਾਸ਼ਨਾ 14 ਨਵੰਬਰ ਨੂੰ ਕੀਤੀ ਗਈ ਹੈ ਅਤੇ 18 ਤੋਂ 25 ਨਵੰਬਰ 2024 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਮ ਜਨਤਾ ਦੀ ਸੁਵਿਧਾ ਲਈ ਦਾਅਵੇ ਅਤੇ ਇਤਰਾਜਾਂ (ਅਰਥਾਤ ਫਾਰਮ ਨੰਬਰ 7,8 ਅਤੇ 9) ਪ੍ਰਾਪਤ ਕਰਨ ਲਈ ਸਬੰਧਤ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਵਿਚ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਨਗਰ ਪੰਚਾਇਤ ਹੰਡਿਆਇਆ ਦੇ 13 ਵਾਰਡਾਂ ਅਤੇ ਨਗਰ ਕੌਂਸਲ ਦੇ ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਹੋਵੇਗੀ।