ਬਠਿੰਡਾ, 04 ਮਾਰਚ : ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਹਲਕਾ ਬਠਿੰਡਾ ਦਿਹਾਤੀ ਅੰਦਰ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ, 'ਤੇ ਖਰਾਬ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਹ ਬਿਲਕੁਲ ਹੀ ਫਸਲ ਕਟਾਈ ਉਤੇ ਸੀ ਅਤੇ ਫਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕਰਨ ਕਿ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਜਲਦੀ ਹੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੜੇਮਾਰੀ ਕਾਰਨ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਨਾ ਦੇਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ। ਇਸ ਮੌਕੇ ਉਹਨਾਂ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਫੋਨ ਕਰਕੇ ਕਿਸਾਨਾਂ ਦੀ ਮੁਸ਼ਕਿਲ ਅਤੇ ਮੁਆਵਜੇ ਲਈ ਵਿਧਾਨ ਸਭਾ ਵਿੱਚ ਮਾਮਲਾ ਉਠਾਉਣ ਲਈ ਕਿਹਾ ਗਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਨੇ ਮੁਆਵਜ਼ਾ ਨਹੀਂ ਦਿੱਤਾ। ਇਸ ਮੌਕੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਜਾਣੂੰ ਕਰਵਾਇਆ ਕਿ ਇਸ ਵਾਰ ਕਣਕ ਦਾ ਚੰਗਾ ਝਾੜ ਨਿਕਲਣ ਦੀ ਉਮੀਦ ਸੀ, ਪਰ ਗੜੇਮਾਰੀ ਹੋਣ ਕਾਰਨ ਸਾਰੀਆਂ ਉਮੀਦਾਂ ਤੇ ਪਾਣੀ ਫੇਰ ਗਿਆ। ਕਿਸਾਨਾਂ ਨੇ ਆਰੋਪ ਲਗਾਇਆ ਕਿ ਉਹਨਾਂ ਦਾ ਦੁੱਖ ਸੁਣਨ ਲਈ ਸਰਕਾਰ ਜਾਂ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ ਨਹੀਂ ਪੁੱਜਿਆ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਹੈ, ਪਰ ਪੰਜਾਬ ਸਰਕਾਰ ਦਾ ਖੇਤੀਬਾੜੀ ਮੰਤਰੀ ਉਹਨਾਂ ਦਾ ਗੁਆਂਢੀ ਹੋਣ ਦੇ ਬਾਵਜੂਦ ਵੀ ਉਹਨਾਂ ਦੀ ਸਾਰ ਲੈਣ ਨਹੀਂ ਪੁੱਜਿਆ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ। ਕਿਸਾਨਾਂ ਨੇ ਮੰਗ ਕੀਤੀ ਕਿ ਇਸ ਵਾਰ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ ਜੇਕਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹਨਾਂ ਨੂੰ ਧਰਨੇ ਮੁਜਾਰੇ ਲਗਾਉਣੇ ਪੈਣਗੇ।