- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਏ ਡੀ ਸੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਭਾਗੀਦਾਰਾਂ ਦਾ ਕੀਤਾ ਨਿੱਘਾ ਸਵਾਗਤ
ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਜਿਹੜਾ ਕਿ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਦੇਸ਼ ਭਰ ਵਿੱਚ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਅੱਜ ਲੁਧਿਆਣਾ ਜ਼ਿਲ੍ਹਾ ਤੋਂ ਚੱਲ ਕੇ ਮੋਗਾ ਵਿਖੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਬੁੱਤ ਕੋਲ ਪਹੁੰਚੀ। ਜ਼ਿਲ੍ਹਾ ਪ੍ਰਸ਼ਾਸ਼ਨ ਤਰਫ਼ੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਸਾਬਕਾ ਸੈਨਿਕਾਂ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਮੋਗਾ ਵੱਲੋਂ ਇਸ ਰੈਲੀ ਦਾ ਭਰਵਾਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸਮੇਤ ਹੋਰ ਵੀ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਬੁੱਤ ਉੱਪਰ ਸ਼ਰਧਾ ਦੇ ਫੁੱਲ ਮਾਲਾਵਾਂ ਭੇਂਟ ਕੀਤੀਆਂ। ਕੈਪਟਨ ਗੁਰਵਿੰਦਰ ਸਿੰਘ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਵੀ ਇਸ ਰੈਲੀ ਵਿੱਚ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੈਨਿਕ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ। ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਰਾਜ ਭਰ ਵਿੱਚ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਫੌਜ਼ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਹਿੱਤ ਇਹ ਰਾਜ ਪੱਧਰ ਦੀ ਵੱਡੀ ਸਾਈਕਲ ਰੈਲੀ ਆਯੋਜਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਾਈਕਲ ਰੈਲੀ ਹਥਿਆਰਬੰਦ ਸੈਨਾ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਰ ਸਾਬਿਤ ਹੋ ਰਹੀ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਸ ਸਾਈਕਲ ਰੈਲੀ ਨੂੰ 7 ਨਵੰਬਰ ਤੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ।ਇਸ ਰੈਲੀ ਨੂੰ ਮਿਤੀ 22 ਨਵੰਬਰ ਨੂੰ ਮੋਗਾ ਤੋਂ ਫਿਰੋਜ਼ਪੁਰ ਵਿਖੇ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ।