- ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਾਬਕਾ ਫੌਜੀਆਂ, ਵਿਧਵਾਵਾਂ ਨੂੰ 4.20 ਲੱਖ ਰੁਪਏ ਦੇ ਚੈੱਕ ਭੇਂਟ
- ਕਿਹਾ! ਸੈਨਿਕ ਦੇਸ਼ ਦੀ ਸਭ ਤੋਂ ਵੱਡੀ ਸੰਪਤੀ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ
ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਮੋਗਾ ਵਿਖੇ 21 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ ਸਾਈਕਲ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕਰ ਦਿੱਤਾ ਹੈ। ਇਸ ਰੈਲੀ ਨੂੰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਜੀ ਦੇ ਬੁੱਤ ਕੋਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਾਇਕ ਬੂਟਾ ਸਿੰਘ ਵੀਰ ਚੱਕਰ ਵਿਜੇਤਾ ਦੇ ਪਰਿਵਾਰਿਕ ਮੈਂਬਰ, ਨਗਰ ਨਿਗਮ ਮੇਅਰ ਚਰਨਜੀਤ ਸਿੰਘ ਚਾਨੀ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਸੁਪਰਡੈਂਟ ਸ੍ਰੀ ਪਰਮਜੀਤ ਸਿੰਘ, ਕਰਨਲ ਦਰਸ਼ਨ ਸਿੰਘ, ਕਰਨਲ ਬਾਬੂ ਸਿੰਘ ਤੋਂ ਇਲਾਵਾ ਸਾਬਕਾ ਸੈਨਿਕ, ਉਨ੍ਹਾਂ ਦੇ ਪਰਿਵਾਰਿਕ ਮੈਂਬਰ ਆਦਿ ਵੀ ਹਾਜ਼ਰ ਸਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਬੁੱਤ ਕੋਲ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ 21 ਲਾਭਪਾਤਰੀਆਂ ਨਾਨ-ਪੈਨਸ਼ਨਰ, ਐਕਸ ਸਰਵਿਸ ਮੈਨ, ਵਿਧਵਾਵਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੇ ਚੈਕ ਵੀ ਵੰਡੇ ਗਏ। ਮੋਗਾ ਪਹੁੰਚਣ ਉੱਪਰ ਇਸ ਰੈਲੀ ਦਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਪੂਰੀ ਧੂਮ ਧਾਮ ਨਾਲ ਸਵਾਗਤ ਕੀਤਾ ਗਿਆ ਸੀ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਜਿਹੜਾ ਕਿ ਹਰ ਸਾਲ 7 ਦਸੰਬਰ ਨੂੰ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਮਨਾਇਆ ਜਾਂਦਾ ਹੈ, ਜਿਹਨਾਂ ਨੇ ਦੇਸ਼ ਦੀ ਇੱਜਤ ਦੀ ਰਾਖੀ ਲਈ ਸਰਹੱਦਾਂ ਤੇ ਬਹਾਦਰੀ ਨਾਲ ਲੜਿਆ ਅਤੇ ਲੜਨਾ ਜਾਰੀ ਰੱਖਿਆ। ਇਹ ਦਿਨ ਭਾਰਤੀਆਂ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਸਰਕਾਰ ਵੱਲੋਂ ਵੱਡੀ ਰਾਜ ਪੱਧਰੀ ਸਾਈਕਲ ਰੈਲੀ ਦਾ ਆਯੋਜਨ ਕਰਨ ਦਾ ਮੁੱਖ ਮਨੋਰਥ ਝੰਡਾ ਦਿਵਸ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹਨ। ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਈਕਲ ਰੈਲੀ ਨੂੰ 7 ਨਵੰਬਰ ਤੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ ਜਿਹੜੀ ਕਿ ਨਿਰੰਤਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਘੁੰਮ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਾਈਕਲ ਰੈਲੀ ਹਥਿਆਰਬੰਦ ਸੈਨਾ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਰ ਸਾਬਿਤ ਹੋਵੇਗੀ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹ ਸਾਈਕਲ ਰੈਲੀ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਮਿਤੀ 21 ਨਵੰਬਰ ਨੂੰ ਲੁਧਿਆਣਾ ਜ਼ਿਲ੍ਹੇ ਤੋਂ ਚੱਲ ਕੇ ਨੇੜੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਸਿੰਘ ਪਰਮਵੀਰ ਚੱਕਰ ਵਿਜੇਤਾ ਦੇ ਬੁੱਤ ਜਿਹੜਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਸਥਿਤ ਹੈ, ਵਿਖੇ ਪਹੁੰਚੀ ਸੀ। ਸਾਈਕਲ ਰੈਲੀ ਦੇ ਭਾਗੀਦਾਰਾਂ ਦਾ ਪੂਰੇ ਜ਼ੋਸ਼ ਨਾਲ ਮੋਗਾ ਵਿਖੇ ਸਵਾਗਤ ਕੀਤਾ ਗਿਆ।