ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਲੋਹੜੀ ਅਤੇ ਬਸੰਤ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਸ ਲਈ ਕਈ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ, ਜੋ ਕਿ ਗੈਰਕਾਨੂੰਨੀ ਹੈ। ਡਿਪਟੀ ਕਮਿਸ਼ਨਰ ਨੇ ਅੱਜ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ,ਜੈਤੋ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ਤੇ ਇਸ ਕੰਮ ਤੇ ਡਿਊਟੀ ਲਗਾਈ ਹੈ ਕਿ ਉਹ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਤੇ ਕੜੀ ਨਿਗਰਾਨੀ ਰੱਖਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੁੰ ਰੋਕਣ ਲਈ ਜ਼ਰੂਰੀ ਕਦਮ ਉਠਾਏ ਜਾਣ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਸੁਚੇਤ ਕੀਤਾ ਕਿ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ। ਖਾਸ ਕਰਕੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਚਾਈਨਾ ਡੋਰ ਸਟੋਰ ਨਾ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਸਟੋਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਲਿਖਤੀ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਐਸ.ਡੀ.ਐਮਜ਼, ਕਾਰਜਸਾਧਕ ਅਫਸਰ ਨਗਰ ਕੌਂਸਲ, ਬਲਾਕ ਅਤੇ ਪੰਚਾਇਤ ਅਫਸਰਾਂ ਨੂੰ ਨਿਜੀ ਤੌਰ ਤੇ ਪਹੁੰਚ ਕੇ ਰੈਗੂਲਰ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਕਰਨ ਸੰਬੰਧੀ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਵੀ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਵਾਸਤੇ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।