ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਐਸ.ਆਰ. ਅਟਾਰੀ ਜੋਨ-1 ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਲੇਖ ਲਿਖਣ, ਭਾਸ਼ਣ ਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ: ਰੀਤ ਵਰਮਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ ਗਏ। ਜਦੋਂ ਕਿ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਵਿੱਚ ਬੱਚਿਆਂ ਦੀ ਭੂਮਿਕਾ ਬਾਰੇ ਦੱਸਿਆ। ਉਨ੍ਹਾਂ ਖੂੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕੈਂਪ ਦੌਰਾਨ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ: ਮਨੀਸ਼ਾ ਭਾਟੀਆ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋ ਰਹੇ ਪ੍ਰਦੂਸ਼ਣ ਅਤੇ ਉਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਸ. ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਸੀਨੀਅਰ ਲੈਕਚਰਾਰ ਮਿਨਾਕਸ਼ੀ ਭਨੋਟ ਅਤੇ ਸੀਨੀਅਰ ਲੈਕਚਰਾਰ ਸ਼੍ਰੀਮਤੀ ਚੰਚਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।