ਫ਼ਾਜਿਲਕਾ, 06 ਨਵੰਬਰ 2024 : ਸਥਾਨਕ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਖੇਤਾਂ ਤੋਂ ਵਾਪਸ ਘਰ ਨੂੰ ਆ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜਿਲਕਾ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜੇਸ਼ ਕੁਮਾਰ ਤੇ ਵਰਿੰਦਰ ਕੁਮਾਰ ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਸੁਧੀਰ ਕੁਮਾਰ ਨੇ ਦੱਸਿਆ ਕਿ ਰਾਜੇਸ਼ ਕੁਮਾਰ (33) ਅਤੇ ਵਰਿੰਦਰ ਕੁਮਾਰ (23) ਸੇਮ ਨਾਲੇ ਨੇੜੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ। ਪਿੰਡ ਸ਼ਤੀਰਵਾਲਾ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸੇ ਦਾ ਸ਼ਿਕਾਰ ਹੋ ਗਏ।