ਸੰਗਰੂਰ, 20 ਦਸੰਬਰ : ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਵਚਨਬੱਧ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਸਾਰੋਂ ਵਿਖੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਆਯੋਜਿਤ ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਵਿਖੇ ਇਹ ਕੈਂਪ ਲੜੀਵਾਰ ਢੰਗ ਨਾਲ ਜਾਰੀ ਹਨ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਉਹ ਦਿਨ ਰਾਤ ਤਨਦੇਹੀ ਨਾਲ ਸਰਗਰਮ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਹਰ ਇੱਕ ਸਮੱਸਿਆ ਤੇ ਸ਼ਿਕਾਇਤ ਦੇ ਤਰਜੀਹੀ ਆਧਾਰ ’ਤੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਮਿਲਣ ਵਾਲੀ ਫੀਡਬੈਕ ਵੀ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਵਧੀਆ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਲੋਕਾਂ ਤੇ ਪ੍ਰਸ਼ਾਸਨ ਵਿਚਾਲੇ ਪਰਸਪਰ ਤਾਲਮੇਲ ਲਈ ਵੀ ਇਹ ਕੈਂਪ ਲਾਹੇਵੰਦ ਬਣ ਰਹੇ ਹਨ। ਅੱਜ ਵਿਧਾਇਕ ਨੇ ਲੋਕਾਂ ਦੀਆਂ ਮਾਲ ਵਿਭਾਗ, ਪੰਚਾਇਤ ਵਿਭਾਗ, ਫੂਡ ਸਪਲਾਈ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਯੋਗ ਹੱਲ ਕਰਵਾਇਆ। ਵਿਧਾਇਕ ਨੇ ਕਿਹਾ ਕਿ ਸੁਵਿਧਾ ਕੈਂਪਾਂ ਦੀ ਇਹ ਲੜੀ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਵਿਕਾਸ ਕਾਰਜਾਂ ਪੱਖੋਂ ਵੀ ਹਲਕੇ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਕੈਂਪ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।