ਪਟਿਆਲਾ, 3 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਰਾਜ ਦੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ਼ੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਣ ਦੇ ਦੂਜੇ ਦਿਨ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਸਥਿਤ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਬਹੁਤੇ ਦਫ਼ਤਰਾਂ ‘ਚ ਸਰਕਾਰੀ ਅਮਲਾ ਹਾਜ਼ਰ ਪਾਇਆ ਗਿਆ ਜਦਕਿ ਸਹਿਕਾਰੀ ਸਭਾਵਾਂ ਦੇ ਦਫ਼ਤਰ ‘ਚ ਕੁਝ ਕਰਮਚਾਰੀ ਦੇਰੀ ਨਾਲ ਆਏ ਪਾਏ ਗਏ, ਜਿਨ੍ਹਾਂ ਨੂੰ ਸਮੇਂ ਸਿਰ ਪਹੁੰਚਣ ਦੀ ਚਿਤਾਵਨੀ ਦਿੱਤੀ ਗਈ। ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ‘ਚ ਹਾਜ਼ਰੀ ਦਾ ਨਿਰੀਖਣ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਆਦੇਸ਼ਾਂ ‘ਤੇ ਕੀਤਾ ਗਿਆ ਹੈ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਬਲਾਕ-ਏ ‘ਚ ਅੱਜ ਸਵੇਰੇ 7:30 ਵਜੇ ਉਨ੍ਹਾਂ ਨੇ ਸਾਰੀਆਂ ਮੰਜ਼ਿਲਾਂ ‘ਤੇ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ, ਜਿਸ ਕਰਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰਾਂ ‘ਚ ਸਮੇਂ ਸਿਰ ਹਾਜ਼ਰ ਹੋ ਕੇ ਆਪਣੇ ਦਫ਼ਤਰੀ ਕੰਮ ਨਿਪਟਾਉਣ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ, ਜੋਕਿ ਭਵਿੱਖ ਵਿੱਚ ਵੀ ਕੀਤੀ ਜਾਵੇਗੀ, ਜਿਸ ਲਈ ਅੱਜ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਚਿਤਾਵਨੀ ਦਿੱਤੀ ਗਈ ਅਤੇ ਅਜਿਹੀ ਦੇਰੀ ਅੱਗੇ ਤੋਂ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।