- ਟੀਕਾਕਰਨ ਕਰਨ ਲਈ ਜ਼ਿਲੇ ਵਿਚ 29 ਟੀਮਾਂ ਦਾ ਕੀਤਾ ਗਿਆ ਗਠਨ
ਫ਼ਰੀਦਕੋਟ 14 ਮਾਰਚ : ਪਸ਼ੂ ਪਾਲਣ ਵਿਭਾਗ ਫਰੀਦਕੋਟ ਵਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿਚ 41600 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਾ. ਪਰਵੀਨ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਰੀਦਕੋਟ ਨੇ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਉਹਨਾਂ ਕਿਹਾ ਕਿ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ ਘਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲੇ ਵਿਚ 29 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਾ. ਹਰਜਿੰਦਰ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਰੀਦਕੋਟ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਫਰੀਦਕੋਟ ਵਿਖੇ ਗੋਟ ਪੋਕਸ ਵੈਕਸੀਨ ਦੀਆਂ 50100 ਖੁਰਾਕਾਂ ਭੇਜੀਆ ਗਈਆਂ ਹਨ। ਉਹਨਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਡਾ. ਪਰਵੀਨ ਕੁਅਰ ਨੇ ਜ਼ਿਲੇ ਦੇ ਸਮੁੱਚੇ ਸਟਾਫ ਨੂੰ ਗਊਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉੱਪਰ ਕੋਈ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।