- ਸੁਰੱਖਿਅਤ ਆਵਾਜਾਈ ਪ੍ਰਦਾਨ ਕਰਵਾਉਣ ਅਤੇ ਆਵਾਜਾਈ ਨਿਯਮਾਂ ਦੀ ਪੂਰੀ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰੀ ਤਰ੍ਹਾਂ ਵਚਨਬੱਧ- ਬਾਂਸਲ
- ਈ-ਰਿਕਸਾ ਚਾਲਕ ਆਪਣੇ ਵਾਹਨਾਂ ਦੀ ਕਰਵਾਉਣ ਰਜਿਸਟ੍ਰੇਸ਼ਨ - ਗੁਰਮੀਤ ਕੁਮਾਰ ਬਾਂਸਲ
- ਹੁਣ ਈ ਰਿਕਸਾ ਦੀ ਰਜਿਸਟ੍ਰੇਸ਼ਨ ਜ਼ਰੂਰੀ ,ਉਲਘੰਣਾ ਕਰਨ ਵਾਲੇ ਮਾਲਕਾਂ ਖਿਲਾਫ ਹੋਵੇਗੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ
ਮਾਲੇਰਕੋਟਲਾ 06 ਨਵੰਬਰ 2024 : ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਮ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਸ ਕਰਕੇ ਵੱਡੇ ਵਾਹਨਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੋ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਈ-ਰਿਕਸ਼ਾ ਚਾਲਕ ਆਪਣੇ ਵਾਹਨਾਂ ਦੀ ਰਜਿਸਟੇਸ਼਼ਨ ਜਰੂਰ ਕਰਵਾਉਣ , ਹੁਣ ਜ਼ਿਲ੍ਹੇ ਵਿੱਚ ਈ ਰਿਕਸ਼ਾ ਦੀ ਰਜਿਸਟ੍ਰੇਸ਼ਨ ਜ਼ਰੂਰੀ ਕਰਾਰ ਕੀਤੀ ਗਈ ਹੈ, ਉਲੰਘਣਾ ਕਰਨ ਵਾਲੇ ਮਾਲਕਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਈ. ਰਿਕਸ਼ਾ ਵਿਕ੍ਰੇਤਾਵਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕਿਆਂ ਹਨ ਤਾਂ ਕਿ ਉਹ ਵਾਹਨਾਂ ਦੇ ਕਾਗਜਾਤ ਪੂਰੇ ਕਰਕੇ ਅਤੇ ਵਾਹਨ ਨੰਬਰ ਲੱਗਾ ਕੇ ਹੀ ਵਾਹਨਾਂ ਦੀ ਡਲੀਵਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਅਤ ਆਵਾਜਾਈ ਪ੍ਰਦਾਨ ਕਰਵਾਉਣ ਅਤੇ ਆਵਾਜਾਈ ਨੇਮਾਂ ਦੀ ਪੂਰੀ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰੀ ਤਰ੍ਹਾਂ ਵਚਨਬੱਧ ਤੇ ਪ੍ਰਤੀਬੱਧਤਾ ਨਾਲ ਡਿਊਟੀ ਨਿਭਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਈ.ਰਿਕਸਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਕਿਉਂਕਿ ਇਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।ਆਰ.ਟੀ.ਓ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਸੜਕਾਂ 'ਤੇ ਨਜ਼ਰ ਰੱਖ ਰਹੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਰੋਕਣ ਲਈ ਤਿਆਰ ਹਨ । ਉਨ੍ਹਾਂ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।