- ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ, 20 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵ਼ੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਸ. ਬਲਤੇਜ ਪੰਨੂ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਪੰਨੂ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹਰੇਕ ਸਾਲ ਆਯੋਜਿਤ ਕੀਤੀ ਜਾਂਦੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਪੂਰੀ ਧਾਰਮਿਕ ਰਹੁ ਰੀਤਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੁਨੀਆਂ ਭਰ ਵਿੱਚ ਇੱਕ ਅਜਿਹਾ ਮਹਾਨ ਵਿਰਤਾਂਤ ਹੈ ਜਿਥੇ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਜੁਲਮ ਖਿਲਾਫ ਹੱਸਦੇ-ਹੱਸਦੇ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ ਸਾਡੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਪੰਨੂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾਉਣ ਲਈ ਆਏ ਹਨ ਅਤੇ ਇਸ ਮਹਾਨ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।