ਦੀਵਾਲੀ 'ਤੇ ਨੌਜਵਾਨਾਂ ਨੂੰ ਵੱਡਾ ਤੋਹਫਾ , 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀਵਾਲੀ 'ਤੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਜਾਣਕਾਰੀ ਮੁਤਾਬਕ 22 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਕੇਂਦਰੀ ਮੰਤਰੀ ਵੀ ਸ਼ਿਰਕਤ ਕਰਨਗੇ। ਉੜੀਸਾ ਤੋਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ, ਗੁਜਰਾਤ ਤੋਂ ਮਨਸੁਖ ਮਾਂਡਵੀਆ, ਚੰਡੀਗੜ੍ਹ ਤੋਂ ਅਨੁਰਾਗ ਠਾਕੁਰ, ਮਹਾਰਾਸ਼ਟਰ ਤੋਂ ਪੀਯੂਸ਼ ਗੋਇਲ ਸ਼ਾਮਲ ਹਨ। ਇਸ ਸਾਲ ਜੂਨ ਵਿੱਚ ਪੀਐਮ ਮੋਦੀ ਨੇ ਸਾਰੇ ਵਿਭਾਗਾਂ ਤੇ ਮੰਤਰਾਲਿਆਂ ਦੇ ਕੰਮ ਦੀ ਸਮੀਖਿਆ ਕਰਨ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਅਗਲੇ ਡੇਢ ਸਾਲ ਵਿੱਚ ਯਾਨੀ ਦਸੰਬਰ 2023 ਤਕ 10 ਲੱਖ ਨੌਕਰੀਆਂ ਦੇਵੇਗੀ। ਪੀਐਮ ਮੋਦੀ ਦੇ ਐਲਾਨ ਤੋਂ ਬਾਅਦ ਇਸ ਦਿਸ਼ਾ ਵਿੱਚ ਮਿਸ਼ਨ ਮੋਡ ਵਿੱਚ ਕੰਮ ਸ਼ੁਰੂ ਹੋ ਗਿਆ ਹੈ। ਹੁਣ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ 75,000 ਨੌਜਵਾਨਾਂ ਨੂੰ ਰੁਜ਼ਗਾਰ ਪੱਤਰ ਦੇਣਗੇ। ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਬੇਰੁਜ਼ਗਾਰੀ ਦੇ ਮੁੱਦੇ 'ਤੇ ਅਕਸਰ ਮੋਦੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਦੀਆਂ ਰਹੀਆਂ ਹਨ। ਇਸ ਅਭਿਆਸ ਨੂੰ ਵਿਰੋਧੀ ਧਿਰ ਦੇ ਖਿਲਾਫ ਸਰਕਾਰ ਦੇ ਜਵਾਬੀ ਹਮਲੇ ਵਜੋਂ ਦੇਖਿਆ ਗਿਆ ਸੀ।