ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨੇ ਰਾਹੁਲ ਗਾਂਧੀ ਲਈ ਸੁਰੱਖਿਆ ਨੂੰ ਵਧਾਉਣ ਲਈ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 28 ਦਸੰਬਰ : ਭਾਰਤ ਜੋੜੋ ਯਾਤਰਾ 'ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ, ਪਰ ਇਸ ਦੇ ਬਾਵਜੂਦ ਪੁਲਿਸ ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਹ ਦਾਅਵਾ ਖੁਦ ਕਾਂਗਰਸ ਨੇ ਕੀਤਾ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਵੀ ਲਿਖਿਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ’ਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ’ਚ ਖਾਮੀਆਂ ਸਾਹਮਣੇ ਆਈਆਂ ਹਨ। ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ’ਚ ਨਾਕਾਮ ਰਹੀ ਹੈ, ਜਦਕਿ ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਹੁਣ ਪੰਜਾਬ ਤੇ ਜੰਮੂ-ਕਸ਼ਮੀਰ ਵਰਗੇ ਸੰਵੇਦਨਸ਼ੀਲ ਰਾਜਾਂ ਵਿੱਚ ਯਾਤਰਾ ਲਈ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪ੍ਰਬੰਧ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਦਿੱਲੀ ਦੇ ਹਾਲਾਤ ਅਜਿਹੇ ਬਣ ਗਏ ਸਨ ਕਿ ਕਾਂਗਰਸ ਵਰਕਰਾਂ ਅਤੇ 'ਭਾਰਤ ਯਾਤਰੀਆਂ' ਨੂੰ ਰਾਹੁਲ ਗਾਂਧੀ ਦੇ ਦੁਆਲੇ ਘੇਰਾਬੰਦੀ ਕਰਨੀ ਪਈ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਯਾਦ ਰਹੇ ਕੇਂਦਰ ਸਰਕਾਰ ਨੇ ਰਾਹੁਲ ਗਾਂਧੀ ਨੂੰ ਕੋਰੋਨਾ ਦਾ ਹਵਾਲਾ ਦੇ ਕੇ ਭਾਰਤ ਜੋੜੋ ਯਾਤਰਾ ਟਾਲਣ ਲਈ ਕਿਹਾ ਸੀ। ਇਸ ਮਗਰੋਂ ਕਾਂਗਰਸ ਨੇ ਕਿਹਾ ਸੀ ਕਿ ਬੀਜੇਪੀ ਉਨ੍ਹਾਂ ਦੀ ਯਾਤਰਾ ਤੋਂ ਡਰ ਗਈ ਹੈ। ਇਸ ਲਈ ਯਾਤਰਾ ਰੋਕਣ ਲਈ ਹੱਥ ਕੰਡੇ ਵਰਤ ਰਹੀ ਹੈ।