ਸਿਧਰਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਚਾਰ ਅੱਤਵਾਦੀ ਢੇਰ

ਜੰਮੂ (ਜੇਐੱਨਐੱਨ), 28 ਦਸੰਬਰ : ਜੰਮੂ ਜ਼ਿਲ੍ਹੇ ਦੇ ਸਿਧਰਾ ਇਲਾਕੇ ’ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਚਾਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਸ਼ਟੀ ਦਾ ਇੰਤਜ਼ਾਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਕਾਬਲੇ ਦੌਰਾਨ ਅੱਤਵਾਦੀ ਜਿਸ ਟਰੱਕ ’ਚ ਸਵਾਰ ਹੋ ਕੇ ਆਏ ਸਨ, ਉਸ ’ਚ ਮੁੱਠਭੇੜ ਦੌਰਾਨ ਅੱਗ ਲੱਗ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾਵਾਂ ਦੇ ਆਧਾਰ ’ਤੇ ਸਿਧਰਾ ਖੇਤਰ ’ਚ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਬਲ ਸ਼ੱਕੀ ਸਥਾਨ ਵੱਲ ਵਧੇ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸਵੇਰੇ 7:34 ਵਜੇ ਪਹਿਲੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਟਰੱਕ ’ਚ ਸਵਾਰ ਸਨ।

ਮੁਕਾਬਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਬੁਲਾਈ ਮੀਟਿੰਗ

ਮੁਕਾਬਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਸਬੰਧ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਾਮ 4 ਵਜੇ ਅਹਿਮ ਮੀਟਿੰਗ ਬੁਲਾਈ ਹੈ। ਅਮਿਤ ਸ਼ਾਹ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਕਈ ਵੱਡੇ ਅਧਿਕਾਰੀ ਹਿੱਸਾ ਲੈਣਗੇ। ਸੀਆਰਪੀਐਫ ਅਤੇ ਬੀਐਸਐਫ ਦੇ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਬੈਠਕ 'ਚ ਅੱਤਵਾਦੀਆਂ ਖਿਲਾਫ ਚੱਲ ਰਹੀ ਮੁਹਿੰਮ 'ਤੇ ਚਰਚਾ ਕੀਤੀ ਜਾਵੇਗੀ।