- ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਤੋਂ ਮਿਲੀ ਰਾਹਤ
ਸੂਰਤ, ਏਜੰਸੀ : ਲੋਕ ਸਭਾ ਚੋਣਾਂ ਤੋਂ ਪਹਿਲਾਂ 2019 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ 'ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਘਟਨਾ ਨੂੰ ਲੈ ਕੇ ਸੂਰਤ ਦੀ ਮੈਜਿਸਟ੍ਰੇਟ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸੋਮਵਾਰ ਨੂੰ ਰਾਹੁਲ ਗਾਂਧੀ ਨੇ ਸੂਰਤ ਮੈਜਿਸਟ੍ਰੇਟ ਕੋਰਟ ਦੇ ਫੈਸਲੇ ਖਿਲਾਫ ਸੈਸ਼ਨ ਕੋਰਟ 'ਚ ਅਪੀਲ ਦਾਇਰ ਕੀਤੀ ਸੀ। ਰਾਹੁਲ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ 10 ਅਪਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਰਾਹੁਲ ਗਾਂਧੀ ਨੇ ਸੂਰਤ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਇੱਕ ਟਵੀਟ ਕੀਤਾ ਹੈ। ਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ, "ਇਹ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ, 'ਮਿੱਤਰਕਾਲ' ਦੇ ਖਿਲਾਫ। ਇਸ ਸੰਘਰਸ਼ ਵਿੱਚ ਸੱਚ ਮੇਰਾ ਹਥਿਆਰ ਹੈ ਅਤੇ ਸੱਚ ਹੀ ਮੇਰੀ ਪਨਾਹ ਹੈ।" ਦੱਸ ਦੇਈਏ ਕਿ ਰਾਹੁਲ ਗਾਂਧੀ ਨੂੰ 15,000 ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਮਿਲੀ ਹੈ। ਅਦਾਲਤ ਨੇ ਸਜ਼ਾ 'ਤੇ ਰੋਕ ਲਗਾਉਂਦੇ ਹੋਏ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾਵਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਸਜ਼ਾ ਮੁਅੱਤਲ ਕਰਨ ਦੀ ਮੰਗ ਬਾਰੇ ਅਦਾਲਤ ਦਾ ਕਹਿਣਾ ਹੈ ਕਿ ਦੂਜੇ ਪੱਖ ਨੂੰ ਸੁਣੇ ਬਿਨਾਂ ਅਜਿਹਾ ਹੁਕਮ ਨਹੀਂ ਦਿੱਤਾ ਜਾ ਸਕਦਾ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 10 ਅਪ੍ਰੈਲ ਤੱਕ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।